ਚੰਡੀਗੜ੍ਹ (ਨ ਜ਼ ਸ)
ਖੱਬੀਆਂ ਪਾਰਟੀਆਂ ਦੇ ਕੇਂਦਰੀ ਸੱਦੇ ਦੇ ਤਹਿਤ ਸੀ ਪੀ ਆਈ, ਸੀ ਪੀ ਆਈ (ਐੱਮ) ਤੇ ਹੋਰ ਖੱਬੀਆਂ ਪਾਰਟੀਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।ਸੀ ਪੀ ਆਈ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਤੇ ਸੀ ਪੀ ਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਐੱਸ ਆਈ ਆਰ ਬਾਰੇ ਦੋ ਚੋਣ ਕਮਿਸ਼ਨਰਾਂ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਪੰਜ ਖੱਬੀਆਂ ਪਾਰਟੀਆਂ ਨੇ ਐੱਸ ਆਈ ਆਰ ਨੂੰ ਤੁਰੰਤ ਰੋਕਣ, ਗਲਤ ਢੰਗ ਨਾਲ ਬਾਹਰ ਕੱਢੇ ਗਏ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ ਤੇ ਭਾਰਤੀ ਚੋਣ ਕਮਿਸ਼ਨ ਦੀ ਭਰੋਸੇਯੋਗਤਾ ਬਹਾਲ ਕਰਨ ਦੀ ਮੰਗ ਕੀਤੀ ਹੈ।
ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਤਿੰਨ ਵਿੱਚੋਂ ਦੋ ਚੋਣ ਕਮਿਸ਼ਨਰਾਂ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ‘ਇੰਡੀਅਨ ਐੱਕਸਪ੍ਰੈੱਸ’ ਵਿੱਚ 23 ਸਤੰਬਰ ਨੂੰ ਛਪੀਆਂ ਰਿਪੋਰਟਾਂ ਮੌਜੂਦਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦੇ ਕੰਮਕਾਜ ਦੇ ਤਰੀਕੇ ਬਾਰੇ ਕੁਝ ਬੁਨਿਆਦੀ ਸਵਾਲ ਖੜ੍ਹੇ ਕਰਦੀਆਂ ਹਨ।ਇਹ ਮਾਮਲੇ ਸਿਰਫ਼ ਵੋਟਰ ਸੂਚੀਆਂ ਦੀ ‘ਵਿਸ਼ੇਸ਼ ਤੀਖਣ ਸੋਧ ਪ੍ਰਕਿਰਿਆ’ (ਐੱਸ ਆਈ ਆਰ) ਤੱਕ ਹੀ ਸੀਮਤ ਨਹੀਂ ਹਨ, ਇਹ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਇਮਾਨਦਾਰੀ ਬਾਰੇ ਵੀ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ।ਇਹ ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਦੇ ਅਹੁਦੇ ’ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਹਨ, ਜਿਸ ਦੀ ਸਾਖ ਨੂੰ ਢਾਹ ਲੱਗੀ ਹੈ।ਤਿੰਨ ਵਿੱਚੋਂ ਦੋ ਚੋਣ ਕਮਿਸ਼ਨਰਾਂ ਨੇ ਘੱਟੋ-ਘੱਟ 14 ਵਾਰ ਵੋਟਰ ਰਜਿਸਟ੍ਰੇਸ਼ਨ, ਨਾਵਾਂ ਨੂੰ ਹਟਾਉਣ ਅਤੇ ਬਹਾਲ ਕਰਨ ਅਤੇ ਐੱਸ ਆਈ ਆਰ ਦੇ ਸੰਚਾਲਨ ਨਾਲ ਸੰਬੰਧਤ ਫ਼ੈਸਲਿਆਂ ’ਤੇ ਇਤਰਾਜ਼ ਦਰਜ ਕਰਵਾਏ ਹਨ।ਉਨ੍ਹਾਂ ਆਪਣੀ ਸਹਿਮਤੀ ਤੋਂ ਬਿਨਾਂ ਲਏ ਜਾ ਰਹੇ ਫ਼ੈਸਲਿਆਂ ਬਾਰੇ ਵੀ ਗੰਭੀਰ ਚਿੰਤਾਵਾਂ ਪ੍ਰਗਟਾਈਆਂ ਹਨ।ਇਹ ਖ਼ੁਲਾਸੇ ਵਿਰੋਧੀ ਪਾਰਟੀਆਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਵੱਲੋਂ ਵਾਰ-ਵਾਰ ਉਠਾਈਆਂ ਗਈਆਂ ਚਿੰਤਾਵਾਂ ਦੀ ਪੁਸ਼ਟੀ ਕਰਦੇ ਹਨ ਅਤੇ ਉਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦੇ ਹਨ ਕਿ ਐੱਸ ਆਈ ਆਰ ਅਤੇ ਵੋਟਰ ਸੂਚੀ ਪ੍ਰਬੰਧਨ ਪਾਰਦਰਸ਼ੀ ਅਤੇ ਵਿਕੇਂਦਰੀ�ਿਤ ਹਨ।
ਖੱਬੇ-ਪੱਖੀ ਪਾਰਟੀਆਂ ਨੇ ਦੇਸ਼ ਭਰ ਵਿੱਚ ਆਪਣੀਆਂ ਇਕਾਈਆਂ ਨੂੰ 26 ਸਤੰਬਰ ਤੋਂ 2 ਅਕਤੂਬਰ ਤੱਕ ਇੱਕ ਹਫ਼ਤੇ ਦਾ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ ਅਤੇ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦਾ ਜਨਮ ਦਿਨ ਹੈ ਅਤੇ ਇਹ ਦੋਵੇਂ ਸ਼ਖਸੀਅਤਾਂ ਲੋਕਤੰਤਰ ਅਤੇ ਧਰਮ-ਨਿਰਪੱਖਤਾ ਲਈ ਲਗਾਤਾਰ ਲੜਦੀਆਂ ਰਹੀਆਂ ਸਨ।ਦੋਵੇਂ ਸੂਬਾਈ ਆਗੂਆਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ 28 ਸਤੰਬਰ ਤੋਂ 2 ਅਕਤੂਬਰ ਤੱਕ ਤਹਿਸੀਲ ਤੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ ਜਾਣ।




