ਬਾਬਾ ਲੱਖਾ ਸਿੰਘ ਤੇ ਸ਼ੋ੍ਰਮਣੀ ਕਮੇਟੀ ਦੇ 2 ਮੈਂਬਰ ਅਕਾਲ ਤਖ਼ਤ ‘ਤੇ ਤਲਬ

0
11

ਅੰਮਿ੍ਤਸਰ (ਨ ਜ਼ ਸ) : ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਗਟਾਏ ਇਤਰਾਜ਼ਾਂ ਅਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ’ ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਰੂਪ ਵਿੱਚ ਮਿਲਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਨਕਸਰ ਕਲੇਰਾਂ (ਜਗਰਾਓਾ) ਦੇ ਬਾਬਾ ਲੱਖਾ ਸਿੰਘ ਕੋਲੋਂ ਦਸ ਦਿਨਾਂ ਵਿੱਚ ਸਪੱਸ਼ਟੀਕਰਨ ਮੰਗਿਆ ਹੈ | ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵੱਲੋਂ ਉਨ੍ਹਾ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਐਕਟ ਦਾ ਮਾਮਲਾ ਅਜੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰਾਧੀਨ ਹੈ | ਇਸ ਐਕਟ ਨੂੰ ਖਾਲਸਾ ਪੰਥ ਨੇ ਪ੍ਰਵਾਨ ਨਹੀਂ ਕੀਤਾ, ਕਿਉਂਕਿ ਇਸ ਨਾਲ ਸਰਕਾਰ ਦਾ ਸਿੱਖ ਪੰਥ ਵਿੱਚ ਦਖਲ ਲਈ ਰਾਹ ਖੁੱਲ੍ਹਦਾ ਹੈ | ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਆਪ ਇੱਕ ਸਿੱਖ ਪ੍ਰਚਾਰਕ ਹੋ, ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣਾ ਅਤੇ ਆਦੇਸ਼ਾਂ ਦੀ ਪਾਲਣਾ ਕਰਨਾ/ ਕਰਵਾਉਣਾ ਤੁਹਾਡਾ ਮੁਢਲਾ ਫਰਜ਼ ਹੈ | ਆਪ ਵੱਲੋਂ ਇਸ ਨੂੰ ਸਲਾਹੁਣਾ ਮੰਦਭਾਗਾ ਹੈ ਅਤੇ ਤੁਸੀਂ ਇਸ ਜ਼ਿੰਮੇਵਾਰੀ ਦੀ ਅਵੱਗਿਆ ਕੀਤੀ ਹੈ | ਬਾਬਾ ਲੱਖਾ ਸਿੰਘ ਨੂੰ ਨਿੱਜੀ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਤੋਂ ਵੀ ਸ੍ਰੀ ਅਕਾਲ ਤਖਤ ਸਾਹਿਬ ਨੇ 10 ਦਿਨਾਂ ਵਿੱਚ ਸਪੱਸ਼ਟੀਕਰਨ ਮੰਗਿਆ ਹੈ | ਇਸ ਦੌਰਾਨ ਉਨ੍ਹਾਂ ‘ਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਹਿੱਸਾ ਲੈਣ ‘ਤੇ ਰੋਕ ਲਗਾ ਦਿੱਤੀ ਗਈ ਹੈ |
ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਇਨ੍ਹਾਂ ਦੋਵਾਂ ਨੂੰ ਪੱਤਰ ਵੀ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਵੀ ਪੱਤਰ ਭੇਜਿਆ ਗਿਆ ਹੈ ਅਤੇ ਇਨ੍ਹਾਂ ਦੋ ਮੈਂਬਰਾਂ ‘ਤੇ ਲਾਈ ਗਈ ਰੋਕ ਬਾਰੇ ਜਾਣੰੂ ਕਰਵਾਇਆ ਗਿਆ ਹੈ | ਪੱਤਰ ਵਿੱਚ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ, ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਜੂਨ 2026 ਨੂੰ ‘ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ’ ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ ਹਨ | ਇਸ ਲਈ ਦੋਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ | ਮਿੱਠੂ ਸਿੰਘ ਕਾਨੇਕੇ ਨੇ ਕਿਹਾ ਕਿ ਉਹ ਬੁੱਧਵਾਰ ਜਦੋਂ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਵਿੱਚ ਬੈਠੇ ਸਨ ਤਾਂ ਉਨ੍ਹਾ ਨੂੰ ਇਹ ਪੱਤਰ ਦਿਖਾ ਕੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਗਿਆ ਹੈ | ਮਿੱਠੂ ਸਿੰਘ ਕਾਨੇਕੇ, ਜਸਵੰਤ ਸਿੰਘ ਪੁੜੈਣ ਸਮੇਤ ਪੰਜ ਸਿੱਖਾਂ ਦਾ ਵਫਦ ਮਾਨ ਨੂੰ ਮਿਲਿਆ ਸੀ ਅਤੇ ਅਨੰਦਪੁਰ ਸਾਹਿਬ ਵਿੱਚ ਵਾਪਰੀ ਘਟਨਾ ਅਤੇ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ |