ਅੰਮਿ੍ਤਸਰ (ਨ ਜ਼ ਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਨਿਰਧਾਰਤ ਕੀਤੇ ਦੋ ਮਹੀਨੇ ਦੇ ਸਮੇਂ ਦੇ ਆਖਰੀ ਦਿਨ ਸਰਕਾਰ ਨੇ ਇਸ ਸੰਬੰਧੀ ਇੱਕ ਕਮੇਟੀ ਬਣਾਉਣ ਦੀ ਸੂਚਨਾ ਸ੍ਰੀ ਅਕਾਲ ਤਖ਼ਤ ਨੂੰ ਭੇਜੀ ਹੈ | ਵੀਰਵਾਰ ਨੂੰ ਇਸ ਸੰਬੰਧੀ ਪੱਤਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ ਹੈ | ਇਸ ਦੀ ਪੁਸ਼ਟੀ ਸ੍ਰੀ ਅਕਾਲ ਤਖ਼ਤ ਸਕੱਤਰੇਤ ਦੇ ਸੂਤਰਾਂ ਵੱਲੋਂ ਕੀਤੀ ਗਈ ਹੈ | ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਇਸ ਪੱਤਰ ਵਿੱਚ ਇਸ ਸੰਬੰਧੀ ਗਠਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਅਤੇ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਜ਼ਿਕਰ ਸ਼ਾਮਲ ਹੈ | ਸਰਕਾਰ ਵੱਲੋਂ ਬਣਾਈ ਗਈ ਇਸ ਸੱਤ ਮੈਂਬਰੀ ਕਮੇਟੀ ਸੋਧ ਐਕਟ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨਾਲ ਤਾਲਮੇਲ ਕਰੇਗੀ ਤਾਂ ਜੋ ਸ੍ਰੀ ਅਕਾਲ ਤਖ਼ਤ ਵੱਲੋਂ ਪ੍ਰਗਟਾਏ ਗਏ ਇਤਰਾਜ਼ਾਂ ਦੇ ਮਾਮਲੇ ‘ਤੇ ਚਰਚਾ ਕੀਤੀ ਜਾ ਸਕੇ | ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਸੇਵਾ ਮੁਕਤ ਜਸਟਿਸ ਜਸਪਾਲ ਸਿੰਘ, ਸੇਵਾ-ਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾ-ਮੁਕਤ ਪੁਲਸ ਅਧਿਕਾਰੀ ਜਤਿੰਦਰ ਸਿੰਘ ਅÏਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ | ਇਸ ਕਮੇਟੀ ਦੇ ਨੋਡਲ ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਬਣਾਇਆ ਗਿਆ ਹੈ, ਜੋ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਨਾਲ ਤਾਲਮੇਲ ਕਰਨਗੇ |




