ਵੋਟ ਚੋਰੀ ਖਿਲਾਫ ਮੁੰਬਈ ਤੇ ਦਿੱਲੀ ‘ਚ ਵੱਡੇ ਮੁਜ਼ਾਹਰੇ

0
6

ਮੰਬਈ : ਸ਼ਿਵਾਜੀ ਪਾਰਕ ਵਿੱਚ ਸ਼ੁੱਕਰਵਾਰ ਨੂੰ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਵੱਲੋਂ ਵੋਟਾਂ ਦੀ ਵਿਸ਼ੇਸ਼ ਮੁੜ ਸੁਧਾਈ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਸਟੇਜ ‘ਤੇ ਪਾਰਟੀ ਦੇ ਸਾਰੇ ਆਗੂਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਪਾ ਕੇ ਰੋਸ ਪ੍ਰਗਟਾਇਆ | ਪ੍ਰਦਰਸ਼ਨ ਦੌਰਾਨ ਕੌਕਰੇਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਮਹਾਤਮਾ ਗਾਂਧੀ ਭਾਰਤ ਦੀ ਪਛਾਣ ਦਾ ਅਹਿਮ ਹਿੱਸਾ ਹਨ | ਉਨ੍ਹਾਂ ਕਿਹਾ ਕਿ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਅਮਰੀਕਾ ਜਾਂਦੇ ਹਨ ਤਾਂ ਉੱਥੇ ਵੀ ਭਾਰਤ ਨੂੰ ਗਾਂਧੀ ਦੇ ਦੇਸ਼ ਵਜੋਂ ਜਾਣਿਆ ਜਾਂਦਾ ਹੈ | ਦੀਪਕੇ ਨੇ ਕਿਹਾ, ”ਗਾਂਧੀ ਦੇਸ਼ ਦੀ ਆਤਮਾ ਹਨ, ਅੰਬੇਡਕਰ ਰੀੜ੍ਹ ਦੀ ਹੱਡੀ ਹਨ ਅਤੇ ਨਹਿਰੂ ਦਿਮਾਗ ਹਨ |” ਕੌਕਰੇਚ ਜਨਤਾ ਪਾਰਟੀ ਦੇ ਬੁਲਾਰੇ ਸੌਰਭ ਦਾਸ ਨੇ ਪ੍ਰਦਰਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਨੌਜਵਾਨ ਇਸ ਮੁੱਦੇ ਨੂੰ ਲੈ ਕੇ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਨੌਜਵਾਨ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰੇ ਸਨ ਅਤੇ ਇਸ ਵਾਰ ਵੀ ਗਿਆਨੇਸ਼ ਕੁਮਾਰ ਦੇ ਮਾਮਲੇ ਵਿੱਚ ਅਜਿਹਾ ਹੀ ਹੋਣ ਵਾਲਾ ਹੈ | ਪਾਰਟੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਵੋਟਾਂ ਦੀ ਵਿਸ਼ੇਸ਼ ਮੁੜ ਸੁਧਾਈ ਦੀ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ ਅਤੇ ਇਸ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |
ਪੁਲਸ ਨੇ ਸ਼ੁੱਕਰਵਾਰ ਨੂੰ ਜੰਤਰ-ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਿਰੁੱਧ ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਸੌਰਭ ਭਾਰਦਵਾਜ, ਸੰਜੀਵ, ਆਤਿਸ਼ੀ ਅਤੇ ਸੰਜੇ ਸਿੰਘ ਦੇ ਨਾਲ-ਨਾਲ ਕੁਝ ਵਿਦਿਆਰਥੀ ਜਥੇਬੰਦੀਆਂ ਦੇ ਕਾਰਕੁਨਾਂ ਸਮੇਤ 500 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ | ਸਿਆਸੀ ਪਾਰਟੀਆਂ ਅਤੇ ਏ ਆਈ ਐੱਸ ਏ, ਐੱਸ ਐੱਫ ਆਈ , ਐੱਨ ਐੱਸ ਯੂ ਆਈ ਅਤੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਮੈਂਬਰ ਤੇ ਸਮਰਥਕ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਵਿੱਚ ਬੇਨਿਯਮੀਆਂ ਅਤੇ ਵੱਡੇ ਪੱਧਰ ‘ਤੇ ਵੋਟਰਾਂ ਦੇ ਨਾਂਅ ਕੱਟਣ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ | ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਨਾਰਥ ਐਵੇਨਿਊ ਵਿਖੇ ਰੋਕ ਲਿਆ, ਜਿਸ ਨਾਲ ਉਹ ਪ੍ਰਦਰਸ਼ਨ ਵਾਲੀ ਥਾਂ ਵੱਲ ਨਹੀਂ ਜਾ ਸਕੇ | ਭਾਰਦਵਾਜ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਨ੍ਹਾਂ ਨੂੰ ਅਤੇ ਝਾਅ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ | ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅੰਦੋਲਨ ਜਾਰੀ ਰੱਖਣ ਅਤੇ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ | ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਤਹਿਤ ਪਾਬੰਦੀਆਂ ਦੇ ਹੁਕਮ ਲਾਗੂ ਕਰ ਦਿੱਤੇ ਗਏ ਸਨ | ਇਹ ਹੁਕਮ ਬਿਨਾਂ ਪੂਰਵ ਲਿਖਤੀ ਪ੍ਰਵਾਨਗੀ ਦੇ ਜਨਤਕ ਮੀਟਿੰਗਾਂ ਜਾਂ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਜਲੂਸ ਕੱਢਣ, ਪ੍ਰਦਰਸ਼ਨ ਕਰਨ, ਘੇਰਾਬੰਦੀ ਕਰਨ ਅਤੇ ਧਰਨੇ ਦੇਣ ‘ਤੇ ਪਾਬੰਦੀ ਲਗਾਉਂਦਾ ਹੈ | ਦਿੱਲੀ ਪੁਲਸ ਨੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ), ਰਾਜ ਸਭਾ ਮੈਂਬਰ ਮਨੋਜ ਝਾਅ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਸੱਦੇ ਗਏ ਪ੍ਰਸਤਾਵਿਤ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ | ਇਹ ਇਕੱਠ ਗਾਂਧੀ ਜੈਯੰਤੀ ਦੇ ਮੌਕੇ ‘ਤੇ ਸਵੇਰੇ 11 ਵਜੇ ਤੈਅ ਕੀਤਾ ਗਿਆ ਸੀ | ਪ੍ਰਦਰਸ਼ਨ ਵਾਲੀ ਥਾਂ ‘ਤੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ | ਐੱਸ ਐੱਫ ਆਈ ਦੀ ਜਨਰਲ ਸਕੱਤਰ ਆਇਸ਼ੀ ਘੋਸ਼ ਨੇ ਕਿਹਾ ਕਿ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ | ਘੋਸ਼ ਨੇ ਕਿਹਾ ਕਿ ਦਿੱਲੀ ਪੁਲਸ ਰਾਜਧਾਨੀ ਵਿੱਚ ਅਪਰਾਧਾਂ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੀ ਹੈ, ਪਰ ਜਦੋਂ ਗਿਆਨੇਸ਼ ਕੁਮਾਰ ਵਰਗੇ ਕਿਸੇ ਵਿਅਕਤੀ ਦੀ ਰੱਖਿਆ ਦੀ ਗੱਲ ਆਉਂਦੀ ਹੈ, ਤਾਂ ਉਹ ਸੜਕਾਂ ‘ਤੇ ਉਤਰ ਆਉਂਦੇ ਹਨ | ਉਨ੍ਹਾਂ ਅੱਗੇ ਕਿਹਾ, ”ਇਹ ਲੋਕਤੰਤਰ ਨਹੀਂ ਹੈ | ਜੇ ਪੁਲਸ ਸੋਚਦੀ ਹੈ ਕਿ ਉਸ ਨੂੰ ਹਿਰਾਸਤ ਵਿੱਚ ਲੈ ਕੇ ਅੰਦੋਲਨ ਨੂੰ ਰੋਕ ਸਕਦੀ ਹੈ, ਤਾਂ ਅਸੀਂ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ |”