ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਟਾਲ-ਮਟੋਲ ਕਰਨ ਲਈ ਗ਼ਲਤ ਤੱਥਾਂ ਦੀ ਪੇਸ਼ਕਾਰੀ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕਰ ਦਿੱਤਾ ਹੈ| ਲੰਘੇ ਕੱਲ੍ਹ ਸੁਣਵਾਈ ਦੌਰਾਨ ਵੀ ਹਾਈ ਕੋਰਟ ਮੁੱਖ ਸਕੱਤਰ ਨਾਲ ਸਖ਼ਤੀ ਨਾਲ ਪੇਸ਼ ਆਈ ਸੀ ਅਤੇ ਸੁਪਰੀਮ ਕੋਰਟ ਵਿੱਚ ਦਾਇਰ ਸਪੈਸ਼ਲ ਲੀਵ ਪਟੀਸ਼ਨ ਦੀਆਂ ਤਰੁੱਟੀਆਂ (ਖਾਮੀਆਂ) ਨੂੰ ਦੂਰ ਕਰਨ ਬਾਰੇ ਕੀਤੇ ਗ਼ਲਤ ਦਾਅਵੇ ਦਾ ਸਖ਼ਤ ਨੋਟਿਸ ਲਿਆ ਸੀ| ਹਾਈ ਕੋਰਟ ਨੇ ਮੁੱਖ ਸਕੱਤਰ ਦੇ ਹਲਫ਼ਨਾਮੇ ਵਿੱਚ ਪੇਸ਼ ਕੀਤੇ ਤੱਥਾਂ ਨੂੰ ਗਲਤ ਕਰਾਰ ਦਿੱਤਾ ਹੈ| ਬੈਂਚ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਅਦਾਲਤ ਨੂੰ ‘ਜਾਣਬੁੱਝ ਕੇ ਗੁੰਮਰਾਹ’ ਕਰਨ ਲਈ ਉਨ੍ਹਾਂ ਵਿਰੁੱਧ ਕ੍ਰਿਮੀਨਲ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ| ਉਨ੍ਹਾ ਨੂੰ ਸ਼ੁੱਕਰਵਾਰ ਨੂੰ ਅਗਲੀ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਹਾਜ਼ਰ ਹੋਣ ਲਈ ਵੀ ਕਿਹਾ ਗਿਆ ਹੈ|



