ਚੰਡੀਗੜ੍ਹ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਮੰਗਲਵਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ| ਮਨਪ੍ਰੀਤ ਸਿੰਘ ਇਆਲੀ ਅਤੇ ਐੱਮ ਪੀ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ|
ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਕਾਤ ਮਗਰੋਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦੇ ਹਵਾਲੇ ਨਾਲ ਉਨ੍ਹਾ ਦੀ ਪਾਰਟੀ ਦੀ ਰਜਿਸਟਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ| ਉਨ੍ਹਾ ਕਿਹਾ ਕਿ ਭਾਜਪਾ ਸਮੇਤ ਬਾਕੀ ਪਾਰਟੀਆਂ ਚੋਣ ਮੈਦਾਨ ਵਿੱਚ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਆਪਣੇ ਆਪ ਨੂੰ ਖ਼ਤਰਾ ਸਮਝਦੀਆਂ ਹਨ, ਜਿਸ ਕਰਕੇ ਇਹਨਾਂ ਧਿਰਾਂ ਦਾ ਪਾਰਟੀ ਦੀ ਰਜਿਸਟਰੇਸ਼ਨ ਰੁਕਵਾਉਣ ਪਿੱਛੇ ਹੱਥ ਹੈ|



