ਸੀ ਬੀ ਆਈ ਵੱਲੋਂ ਮੁੱਖ ਮੰਤਰੀ ਦੇ ਕੈਂਪ ਆਫਿਸ ’ਤੇ ਛਾਪਾ

0
7

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀ ਬੀ ਆਈ ਟੀਮਾਂ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਘੁੰਮਣ ਮਾਮਲੇ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ| ਸੀ ਬੀ ਆਈ ਦੀਆਂ ਟੀਮਾਂ ਨੇ ਮੰਗਲਵਾਰ ਸ਼ਾਮ ਮੁੱਖ ਮੰਤਰੀ ਦੇ ਸੈਕਟਰ 2 ਵਿਚਲਾ ਕੈਂਪ ਆਫਿਸ, ਰਾਜਬੀਰ ਸਿੰਘ ਘੁੰਮਣ ਦੀ ਪਿੰਡ ਘਰਾਚੋਂ ਵਿਚਲੀ ਰਿਹਾਇਸ਼ ਅਤੇ ਮੁਹਾਲੀ ਦੇ ਫੇਜ਼ 11 ਦੀ ਇੱਕ ਨਿੱਜੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਹੈ| ਇਹ ਨਿੱਜੀ ਰਿਹਾਇਸ਼ ਰਾਜਬੀਰ ਸਿੰਘ ਘੁੰਮਣ ਦੇ ਕਿਸੇ ਕਰੀਬੀ ਰਿਸ਼ਤੇਦਾਰ ਦੀ ਦੱਸੀ ਜਾ ਰਹੀ ਹੈ| ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ’ਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਕਥਿਤ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ’ਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਸੀ| ਹਾਈ ਕੋਰਟ ਨੇ ਸੀ ਬੀ ਆਈ ਨੂੰ ਐੱਫ ਆਈ ਆਰ ਦਰਜ ਕਰ ਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਦੇਣ ਦੇ ਹੁਕਮ ਦਿੱਤੇ ਹੋਏ ਹਨ| ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ|