ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਈ ਡੀ ਅਤੇ ਸੀ ਬੀ ਆਈ ਦੇ ਛਾਪਿਆਂ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ | ਛਾਪੇ ਇਸ ਗੱਲ ਦਾ ਸੰਕੇਤ ਹਨ ਕਿ ਚੋਣਾਂ ਸਮੇਂ ਸਿਰ ਹੋਣਗੀਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਵੱਲੋਂ ਚੋਣਾਂ ਵਾਲੇ ਸੂਬਿਆਂ ਵਿੱਚ ਈ ਡੀ ਅਤੇ ਸੀ ਬੀ ਆਈ ਦੇ ਛਾਪਿਆਂ ਨਾਲ ਹੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਸੀ |
ਮਾਨ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੇ ਸਾਥੀਆਂ ਉੱਤੇ ਛਾਪੇਮਾਰੀ ਕਰਵਾਈ ਗਈ, ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਹੋਰ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ | ਇਸ ਤੋਂ ਪਹਿਲਾਂ ਛੱਤੀਸਗੜ੍ਹ, ਹਰਿਆਣਾ, ਰਾਜਸਥਾਨ ਅਤੇ ਯੂ ਪੀ ਵਿੱਚ ਵੀ ਇਸੇ ਤਰ੍ਹਾਂ ਛਾਪੇਮਾਰੀਆਂ ਕਰਵਾਈਆਂ ਗਈਆਂ |
ਉਨ੍ਹਾ ਕਿਹਾ ਕਿ ਅਦਾਲਤਾਂ ਵਿੱਚ ਪਹਿਲਾਂ ਵੀ ਲੰਬੇ ਸਮੇਂ ਤੋਂ ਕੇਸ ਲਟਕਦੇ ਆ ਰਹੇ ਹਨ, ਜਿਨ੍ਹਾਂ ਦਾ ਨਿਪਟਾਰਾ ਨਹੀਂ ਹੋ ਰਿਹਾ, ਪਰ ਇਹ ਮਾਮਲਾ ਰਾਤੋ-ਰਾਤ ਸੀ ਬੀ ਆਈ ਨੂੰ ਸੌਂਪ ਦਿੱਤਾ ਗਿਆ ਅਤੇ ਸੀ ਬੀ ਆਈ ਨੇ ਵੀ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪੰਜਾਬ ਦੀ ਆਪ ਸਰਕਾਰ ਨੂੰ ਜਾਣ-ਬੁੱਝ ਕੇ ਤੰਗ-ਪਰੇਸ਼ਾਨ ਅਤੇ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਹਰ ਕਿਸਮ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ, ਪਰ ਜਦੋਂ ਸੰਮਨ ਸਹੀ ਚੈਨਲ ਰਾਹੀਂ ਉਨ੍ਹਾਂ ਤੱਕ ਪਹੁੰਚਣਗੇ, ਤਾਂ ਹੀ ਉਹ ਜਾਂਚ ਵਿੱਚ ਸ਼ਾਮਲ ਹੋਣਗੇ |


