ਚੰਡੀਗੜ੍ਹ (ਨ ਜ਼ ਸ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ | ਉਨ੍ਹਾ ਸੋਮਵਾਰ ‘ਕੌਮੀ ਇਨਸਾਫ ਮੋਰਚੇ’ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ | ਇਸ ਦੌਰਾਨ ਮੋਰਚੇ ਵੱਲੋਂ ਉਠਾਈਆਂ ਗਈਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੁੱਖ ਮੰਤਰੀ ਨੇ ਮੋਰਚੇ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਮਸਲੇ ਦਾ ਸਾਰਥਕ ਹੱਲ ਕੱਢਿਆ ਜਾਵੇ | ਉਨ੍ਹਾ ਉਮੀਦ ਪ੍ਰਗਟਾਈ ਕਿ ਇਸ ਸੰਬੰਧੀ ਜਲਦੀ ਹੀ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ | ਮੋਰਚੇ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ | ਹਾਲਾਂਕਿ, ਮੀਟਿੰਗ ਦੌਰਾਨ ਵਿਚਾਰੀਆਂ ਗਈਆਂ ਮੰਗਾਂ ਦੇ ਵੇਰਵੇ ਅਤੇ ਉਨ੍ਹਾਂ ‘ਤੇ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮਾਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ |





