ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਮਿਲ ਕੇ ਲੜਨਗੇ ਅਤੇ ਦੇਸ਼ ਵਿੱਚ ਲੋਕਤੰਤਰ ਮੁੜ ਬਹਾਲ ਕਰਵਾਉਣਗੇ | ਉਨ੍ਹਾਂ ਕਿਹਾ ਕਿ ਸਾਰੇ ਅੰਦੋਲਨ ਦਾ ਮਿਸ਼ਨ ਇੱਕੋ ਹੈ | ਉਨ੍ਹਾਂ ਇਹ ਗੱਲ ਦਿੱਲੀ ਵਿੱਚ ਆਪਣੀ ਰਿਹਾਇਸ਼ ‘ਤੇ ਇੰਡੀਆ ਗੱਠਜੋੜ ਦੇ ਆਗੂਆਂ ਨਾਲ ਚਾਹ ‘ਤੇ ਹੋਈ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਕਹੀ | ਵਿਰੋਧੀ ਧਿਰ ਨੇ ਸਰਕਾਰ ‘ਤੇ ਜੰਤਰ-ਮੰਤਰ ਬੰਦ ਕਰਨ ਦਾ ਦੋਸ਼ ਵੀ ਲਾਇਆ | ਮੀਟਿੰਗ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਵਿਰੁੱਧ ਅੰਦੋਲਨ ਨੂੰ ਅੱਗੇ ਵਧਾਉਣ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਪਿ੍ਯੰਕਾ ਗਾਂਧੀ ਅਤੇ ਸ਼ਸ਼ੀ ਥਰੂਰ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸ਼ਾਮਲ ਹੋਏ | ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ ਕਿ ਵਿਰੋਧੀ ਧਿਰ ਇਕਜੁੱਟ ਹੈ ਅਤੇ ਉਹ ਹਰ ਕੁਰਬਾਨੀ ਲਈ ਤਿਆਰ ਹਨ | ਉਨ੍ਹਾ ਕਿਹਾ ਕਿ ਸਾਰੇ ਆਗੂ ਇਸ ਲੜਾਈ ਵਿੱਚ ਇਕੱਠੇ ਖੜ੍ਹੇ ਹਨ | ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੀ ਆਗੂ ਸੁਪਿ੍ਆ ਸੂਲੇ ਨੇ ਕਿਹਾ ਕਿ ਦੇਸ਼ ਵਿੱਚ ਸੰਵਿਧਾਨ ਖ਼ਤਰੇ ਵਿੱਚ ਹੈ ਅਤੇ ਇੰਡੀਆ ਗੱਠਜੋੜ ਆਪਣੀ ਲੜਾਈ ਜਾਰੀ ਰੱਖੇਗਾ | ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਉਹ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣਾ ਵਿਰੋਧ ਜਾਰੀ ਰੱਖਣਗੇ | ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐੱਸ ਆਈ ਆਰ ਦੇ ਵਿਰੋਧ ਵਿੱਚ 6, 7, 8, 9 ਅਤੇ 12 ਅਕਤੂਬਰ ਨੂੰ ਪ੍ਰਦਰਸ਼ਨ ਕੀਤੇ ਸਨ | ਸੋਮਵਾਰ ਨੂੰ ਵੀ ਵਿਰੋਧੀ ਧਿਰ ਦੇ ਆਗੂਆਂ ਨੇ ਬਾਰਾਖੰਭਾ ਰੋਡ ਤੋਂ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ ਸੀ | ਇਸ ਵਿੱਚ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ 11 ਵਿਰੋਧੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਸਨ | ਇਸ ਤੋਂ ਇਲਾਵਾ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਐੱਸ ਆਈ ਆਰ ਦੇ ਵਿਰੋਧ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ | ਇੰਡੀਆ ਗੱਠਜੋੜ ਦੇ ਆਗੂਆਂ ਨੇ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਅੱਗੇ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ |
ਸੀ ਪੀ ਆਈ ਆਗੂ ਡੀ ਰਾਜਾ ਨੇ ਕਿਹਾ ਕਿ ਇੰਡੀਆ ਬਲਾਕ ਦੇ ਸੀਨੀਅਰ ਆਗੂਆਂ ਨੇ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੀ ਈ ਸੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੇ ਅੱਗੇ ਵਧਣ ਦੇ ਤਰੀਕੇ ਬਾਰੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਿਰੁੱਧ ਗੁੱਸਾ ਵਿਆਪਕ ਹੈ ਅਤੇ ਜਨਤਕ ਥਾਵਾਂ ‘ਤੇ ਪਾਬੰਦੀਆਂ ਵਿਰੋਧੀ ਧਿਰ ਨੂੰ ਨਹੀਂ ਰੋਕ ਸਕਦੀਆਂ | ”ਦਿੱਲੀ ਸਾਡਾ ਸ਼ਹਿਰ ਹੈ ਪਰ ਹਰ ਜਗ੍ਹਾ ਬੈਰੀਕੇਡ ਹਨ | ਉਹ ਕਹਿੰਦੇ ਹਨ ਕਿ ਇਹ ਵਿਰੋਧ ਪ੍ਰਦਰਸ਼ਨਾਂ ਕਾਰਨ ਹੈ | ਹਾਂ, ਵਿਰੋਧ ਪ੍ਰਦਰਸ਼ਨ ਹੋਣਗੇ, ਅਤੇ ਤੁਸੀਂ ਉਨ੍ਹਾਂ ਨੂੰ ਦਬਾ ਨਹੀਂ ਸਕਦੇ,” ਉਨ੍ਹਾਂ ਕਿਹਾ |
ਜੰਤਰ-ਮੰਤਰ ਨੂੰ ਵਿਰੋਧ ਸਥਾਨ ਵਜੋਂ ਡੀਨੋਟੀਫਾਈ ਕਰਨ ਦੀ ਸਖ਼ਤ ਨਿੰਦਾ ਕਰਦੇ ਹੋਏ, ਰਾਜਾ ਨੇ ਕਿਹਾ ਕਿ ਵਿਰੋਧੀ ਧਿਰ ਜਗ੍ਹਾ ਨੂੰ ਮੁੜ ਪ੍ਰਾਪਤ ਕਰਨ ਲਈ ਲੜੇਗੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੀ ਵਰਤੋਂ ਕਰਨ ਲਈ ਥਾਵਾਂ ਦੀ ਲੋੜ ਹੈ |



