ਮੌਜੂਦਾ ਹਾਲਾਤ ਲਈ ਆਪ ਤੇ ਭਾਜਪਾ ਜ਼ਿੰਮੇਵਾਰ : ਪਾਇਲਟ

0
2

ਬਠਿੰਡਾ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਸਰਗਰਮੀਆਂ ਤੇ ਨਸ਼ਿਆਂ ਦੇ ਮੁੱਦੇ ‘ਤੇ ਸੂਬਾ ਸਰਕਾਰ ਨੂੰ ਘੇਰਦਿਆਂ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਬਠਿੰਡਾ ਦੌਰੇ ਦੌਰਾਨ ਦੋਵਾਂ ਆਗੂਆਂ ਨੇ ਗੈਂਗਸਟਰਾਂ ਵੱਲੋਂ ਕਥਿਤ ਫ਼ਿਰੌਤੀ ਲਈ ਕਤਲ ਕੀਤੇ ਗਏ ਅੰਮਿ੍ਤਸਰੀ ਕੁਲਚਾ ਕਾਰੋਬਾਰੀ ਹਰਜਿੰਦਰ ਸਿੰਘ ਮੇਲਾ ਦੇ ਪਰਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ | ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਹੋਈ ਇਸ ਮੁਲਾਕਾਤ ਮੌਕੇ ਕਾਂਗਰਸੀ ਆਗੂਆਂ ਨੇ ਪੀੜਤ ਪਰਵਾਰ ਨਾਲ ਖੜ੍ਹਨ ਦਾ ਭਰੋਸਾ ਦਿੱਤਾ | ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ ਅਤੇ ਕਾਰੋਬਾਰੀ ਫ਼ਿਰੌਤੀਆਂ ਦੇ ਡਰ ਹੇਠ ਜੀਅ ਰਹੇ ਹਨ | ਉਨ੍ਹਾ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਮੰਗਣ ਅਤੇ ਇਨਕਾਰ ਕਰਨ ‘ਤੇ ਕਤਲ ਦੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੀਆਂ ਹਨ | ਪਾਇਲਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਅਤੇ ਡੀ ਜੀ ਪੀ ਦੀ ਬਰਖ਼ਾਸਤਗੀ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ, ਰੁਜ਼ਗਾਰ ਅਤੇ ਅਮਨ-ਕਾਨੂੰਨ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ | ਉਨ੍ਹਾ ਪੰਜਾਬ ਵਿੱਚ ਅੱਤਵਾਦ ਦੇ ਦੌਰ ਦਾ ਹਵਾਲਾ ਦਿੰਦਿਆਂ ਕਾਂਗਰਸ ਦੀਆਂ ਕੁਰਬਾਨੀਆਂ ਦਾ ਜ਼ਿਕਰ ਵੀ ਕੀਤਾ | ਪਾਇਲਟ ਤੇ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਸਰਕਾਰ ਦੇ ਕਾਬੂ ਤੋਂ ਬਾਹਰ ਹੋ ਗਈ ਹੈ | ਉਨ੍ਹਾਂ ਪੰਜਾਬ ਪੁਲਸ ਦੀ ਭੂਮਿਕਾ ‘ਤੇ ਵੀ ਸਵਾਲ ਉਠਾਏ | ਉਨ੍ਹਾ ‘ਆਪ’ ਅਤੇ ਭਾਜਪਾ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਠਹਿਰਾਇਆ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਰਿਪੋਰਟ ਲੈਣ ‘ਤੇ ਵੀ ਉਨ੍ਹਾ ਤਨਜ਼ ਕੱਸਿਆ | ਇਸ ਮੌਕੇ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪੰਜਾਬ ਕਾਂਗਰਸ ਦੇ ਡੈਲੀਗੇਟ ਕੇ ਕੇ ਅਗਰਵਾਲ, ਮਾਰਕਫ਼ੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ ਤੇ ਪਵਨ ਮਾਨੀ ਆਦਿ ਹਾਜ਼ਰ ਸਨ |
ਲੁਧਿਆਣਾ : ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕਾਂਗਰਸ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਲੁਧਿਆਣਾ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੈਂਗਸਟਰਾਂ ਹੱਥੋਂ ਮਾਰੇ ਗਏ ਲੋਕਾਂ ਦੇ ਪਰਵਾਰਾਂ ਨਾਲ ਮੁਲਾਕਾਤ ਕੀਤੀ | ਪੰਜਾਬ ਵਿੱਚ ਪਾਇਲਟ ਦੇ ਇਸ ਦੌਰੇ ਦੌਰਾਨ ਕਾਂਗਰਸੀ ਆਗੂ ਇਕਜੁੱਟ ਨਜ਼ਰ ਆਏ | ਪਾਇਲਟ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ | ਪਾਇਲਟ ਧਰਮਕੋਟ ਦੇ ਪਿੰਡ ਭਿੰਡਰ, ਨਿਹੰਗ ਸਿੰਘ ਵਾਲਾ ਅਤੇ ਸਿਧਵਾਂ ਨੇੜੇ ਗਿੱਦੜਵਿੰਡੀ ਵਿਖੇ ਗੈਂਗਸਟਰਾਂ ਦੀ ਹਿੰਸਾ ਦਾ ਸ਼ਿਕਾਰ ਹੋਏ ਪਰਵਾਰਾਂ ਨੂੰ ਮਿਲੇ | ਇਸ ਤੋਂ ਬਾਅਦ ਉਹ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੂੰ ਮਿਲਣ ਪਹੁੰਚੇ | ਪਾਇਲਟ ਨੇ ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਪੀੜਤਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ | ਉਨ੍ਹਾ ਪਰਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਇਨ੍ਹਾਂ ਪਰਵਾਰਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਏਗੀ |