ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੰਟਰਨੈੱਟ ਦੀ ਵਰਤੋਂ ਕਰਨਾ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਹੈ | ਅਦਾਲਤ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਨੂੰ ਆਨਲਾਈਨ ਖ਼ਤਰਿਆਂ ਤੋਂ ਬਚਾਉਣ ਦੇ ਨਾਂਅ ‘ਤੇ ਉਨ੍ਹਾਂ ਨੂੰ ਇੰਟਰਨੈੱਟ ਤੋਂ ਪੂਰੀ ਤਰ੍ਹਾਂ ਦੂਰ ਨਹੀਂ ਰੱਖਿਆ ਜਾ ਸਕਦਾ | ਅਦਾਲਤ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਆਜ਼ਾਦੀ ਇੱਕ-ਦੂਜੇ ਦੇ ਵਿਰੋਧੀ ਨਹੀਂ ਹਨ, ਸਗੋਂ ਬੱਚਿਆਂ ਨੂੰ ਦੋਵਾਂ ਦੀ ਲੋੜ ਹੈ | ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੇ ਬੈਂਚ ਨੇ ਸੰਵਿਧਾਨ ਦੀ ਧਾਰਾ 21 ਅਤੇ ਧਾਰਾ 19 (1) (ਏ) ਦਾ ਹਵਾਲਾ ਦਿੰਦਿਆਂ ਕਿਹਾ ਕਿ ਇੰਟਰਨੈੱਟ ਤੱਕ ਪਹੁੰਚ ਅਤੇ ਇਸ ਦੀ ਵਰਤੋਂ ਦਾ ਅਧਿਕਾਰ ਜੀਵਨ, ਨਿੱਜੀ ਆਜ਼ਾਦੀ ਅਤੇ ਬੋਲਣ ਤੇ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਨਾਲ ਜੁੜਿਆ ਹੋਇਆ ਹੈ | ਅਦਾਲਤ ਨੇ ਕਿਹਾ ਕਿ ਇੰਟਰਨੈੱਟ ਬੱਚਿਆਂ ਲਈ ਸਿੱਖਿਆ, ਜਾਣਕਾਰੀ ਅਤੇ ਆਪਣੇ ਵਿਚਾਰ ਪ੍ਰਗਟਾਉਣ ਦਾ ਅਹਿਮ ਸਾਧਨ ਹੈ | ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਕਈ ਬੱਚਿਆਂ ਲਈ ਇਹ ਸਿੱਖਣ ਅਤੇ ਜਾਣਕਾਰੀ ਹਾਸਲ ਕਰਨ ਦਾ ਮੁੱਖ ਸਰੋਤ ਹੈ | ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੀ ਇੰਟਰਨੈੱਟ ਦੂਜਿਆਂ ਨਾਲ ਜੁੜਨ ਅਤੇ ਆਪਣੇ ਵਰਗੇ ਲੋਕਾਂ ਨਾਲ ਸੰਪਰਕ ਬਣਾਉਣ ਦਾ ਸਾਧਨ ਹੋ ਸਕਦਾ ਹੈ | ਬੈਂਚ ਨੇ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਦੀ ਨਾਕਾਮੀ ਲਈ ਬੱਚਿਆਂ ਨੂੰ ਸਜ਼ਾ ਨਹੀਂ ਦਿੱਤੀ ਜਾ ਸਕਦੀ | ਜੇ ਬੱਚਿਆਂ ‘ਤੇ ਪੂਰੀ ਪਾਬੰਦੀ ਲਾਈ ਜਾਂਦੀ ਹੈ ਤਾਂ ਉਹ ਅਜਿਹੀਆਂ ਵੈੱਬਸਾਈਟਾਂ ਅਤੇ ਮੰਚਾਂ ਵੱਲ ਜਾ ਸਕਦੇ ਹਨ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਬੰਧ ਹੋਰ ਵੀ ਕਮਜ਼ੋਰ ਹੋ ਸਕਦੇ | ਅਦਾਲਤ ਨੇ ਇਹ ਵੀ ਚਿੰਤਾ ਪ੍ਰਗਟਾਈ ਕਿ ਪਾਬੰਦੀ ਦੇ ਡਰ ਕਾਰਨ ਆਨਲਾਈਨ ਧਮਕੀਆਂ ਜਾਂ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਬੱਚੇ ਆਪਣੇ ਮਾਪਿਆਂ ਜਾਂ ਭਰੋਸੇਯੋਗ ਵਿਅਕਤੀਆਂ ਨੂੰ ਦੱਸਣ ਤੋਂ ਝਿਜਕ ਸਕਦੇ ਹਨ | ਅਦਾਲਤ ਨੇ ਬੱਚਿਆਂ ਦੀ ਸੁਰੱਖਿਆ ਲਈ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਵਿੱਚ ‘ਚਾਈਲਡ ਮੋਡ’ ਵਰਗੇ ਪ੍ਰਬੰਧ ਕਰਨ ਦਾ ਸੁਝਾਅ ਦਿੱਤਾ | ਇਸ ਤਹਿਤ ਬੱਚਿਆਂ ਦੇ ਖਾਤੇ ਮੂਲ ਰੂਪ ਵਿੱਚ ਨਿੱਜੀ ਰੱਖਣ, ਅਣਜਾਣ ਬਾਲਗਾਂ ਵੱਲੋਂ ਸੁਨੇਹੇ ਭੇਜਣ ਅਤੇ ਸੰਪਰਕ ਕਰਨ ‘ਤੇ ਪਾਬੰਦੀਆਂ ਲਾਉਣ ਅਤੇ ਉਨ੍ਹਾਂ ਨੂੰ ਦਿਖਾਈ ਜਾਣ ਵਾਲੀ ਸਮੱਗਰੀ ਤੇ ਇਸ਼ਤਿਹਾਰਾਂ ‘ਤੇ ਨਿਯੰਤਰਣ ਕਰਨ ਵਰਗੇ ਕਦਮ ਚੁੱਕੇ ਜਾ ਸਕਦੇ ਹਨ | ਬੱਚਿਆਂ ਦੀ ਇੰਟਰਨੈੱਟ ਵਰਤੋਂ ਵਿੱਚ ਮਾਪਿਆਂ ਦੀ ਸਹਿਮਤੀ, ਸੇਧ ਅਤੇ ਨਿਗਰਾਨੀ ਨੂੰ ਵੀ ਅਹਿਮ ਮੰਨਿਆ ਗਿਆ ਹੈ | ਅਦਾਲਤ ਨੇ ਆਨਲਾਈਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਹਾਰ ਨਾਲ ਸਬੰਧਤ ਸਮੱਗਰੀ ਦੀ ਪਛਾਣ ਕਰਨ ਅਤੇ ਉਸ ਨੂੰ ਹਟਾਉਣ ਲਈ ਕੌਮੀ ਡੇਟਾਬੇਸ ਬਣਾਉਣ ਸਮੇਤ ਕਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ | ਕੇਂਦਰ ਸਰਕਾਰ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਲੋੜੀਂਦੇ ਨਿਯਮ ਤਿਆਰ ਕਰਨ ਲਈ ਕਿਹਾ ਗਿਆ ਹੈ | ਸਰਕਾਰ ਨੂੰ ਅਗਲੀ ਸੁਣਵਾਈ ‘ਤੇ 10 ਦਸੰਬਰ ਤੱਕ ਕੀਤੀ ਕਾਰਵਾਈ ਬਾਰੇ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ |




