ਮੰਗਾਂ ਮੰਨੇ ਜਾਣ ਤੱਕ ਨਹੀਂ ਹੋਵੇਗਾ ਝੋਟਾ ਦਾ ਪੋਸਟਮਾਰਟਮ

0
4

ਮਾਨਸਾ (ਆਤਮਾ ਸਿੰਘ ਪਮਾਰ) : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਵੀਰਵਾਰ ਸ਼ਾਮ ਕਿਹਾ ਕਿ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਪਰਵਾਰ ਪੋਸਟਮਾਰਟਮ ਲਈ ਸਹਿਮਤੀ ਨਹੀਂ ਦੇਵੇਗਾ। ਪਰਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਉਸ ਤੋਂ ਬਾਅਦ ਹੀ ਪੋਸਟਮਾਰਟਮ ਸੰਬੰਧੀ ਫ਼ੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਦਿਨ ਵੇਲੇ ਭੀਮ ਸਿੰਘ ਨੇ ਕਿਹਾ ਸੀ ਕਿ ਸਿੱਖ ਪੰਥ ਨੇ ਪਰਵਾਰ ਨੂੰ ਸਲਾਹ ਦਿੱਤੀ ਹੈ ਕਿ ਪਹਿਲਾਂ ਆਪਣੀਆਂ ਮੰਗਾਂ ਮਨਵਾਈਆਂ ਜਾਣ ਅਤੇ ਉਸ ਤੋਂ ਬਾਅਦ ਹੀ ਪੋਸਟਮਾਰਟਮ ਲਈ ਸਹਿਮਤੀ ਦਿੱਤੀ ਜਾਵੇ। ਝੋਟੇ ਦੇ ਕਤਲ ਦਾ ਇਨਸਾਫ਼ ਮੰਗਣ ਲਈ ਚੱਲ ਰਹੇ ਪ੍ਰਦਰਸ਼ਨ ਦਾ ਵੀਰਵਾਰ ਨੂੰ 10 ਵਾਂ ਦਿਨ ਸੀ। ਪਰਵਾਰ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ ਜੀ ਪੀ ਦਾ ਅਸਤੀਫਾ, ਪੀ ਜੀ ਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਦੁਆਰਾ ਪੋਸਟਮਾਰਟਮ ਅਤੇ ਕਤਲ ਦੇ ਨਾਲ-ਨਾਲ ਨਸ਼ਾ ਤਸਕਰਾਂ, ਪੁਲਸ ਮੁਲਾਜ਼ਮਾਂ ਅਤੇ ਸਿਆਸੀ ਨੁਮਾਇੰਦਿਆਂ ਵਿਚਕਾਰ ਕਥਿਤ ਗਠਜੋੜ ਦੀ ਸੀ ਬੀ ਆਈ ਜਾਂਚ (ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ) ਸ਼ਾਮਲ ਹੈ। ਇਸ ਤੋਂ ਇਲਾਵਾ ਹੋਰ ਮੰਗਾਂ ਵਿੱਚ ਝੋਟੇ ਦਾ ਬੁੱਤ ਲਗਾਉਣਾ , ਮਾਨਸਾ ਦੇ ਦੇ ਐੱਸ ਐੱਚ ਓ, ਡੀ ਐੱਸ ਪੀ ਅਤੇ ਡਰੱਗ ਇੰਸਪੈਕਟਰ ਨੂੰ ਬਰਖਾਸਤ ਕਰਨਾ ਅਤੇ ਪਿੰਡ ਖਿਆਲਾ ਕਲਾਂ ਵਿੱਚ ਝੋਟੇ ਦੇ ਨਾਂਅ ’ਤੇ ਇੱਕ ਟਰਾਮਾ ਸੈਂਟਰ ਸਥਾਪਤ ਕਰਨਾ ਸ਼ਾਮਲ ਹੈ।
ਇਸੇ ਦੌਰਾਨ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵੱਲੋਂ ਮਾਲੀ ਸਹਾਇਤਾ ਦਿੱਤੀ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਹ ਚੈੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਆਜ਼ਾਦਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਹਿੰਮਤ ਨਾਲ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ-ਸਰੋਤ ਹੈ। ਉਨ੍ਹਾ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨਾ ਸਮੇਂ ਦੀ ਵੱਡੀ ਲੋੜ ਹੈ।