ਮਾਨਸਾ (ਆਤਮਾ ਸਿੰਘ ਪਮਾਰ)
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ, ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਤੇ ਹੋਰਨਾਂ ਮੰਗਾਂ ਦੀ ਪੂਰਤੀ ਲਈ ਪੰਜ ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ | ਇਹ ਫੈਸਲਾ ਸ਼ੁੱਕਰਵਾਰ ਐਕਸ਼ਨ ਕਮੇਟੀ ਵੱਲੋਂ ਸੱਦੀ ਮੀਟਿੰਗ ਵਿੱਚ ਲਿਆ ਗਿਆ | ਮੀਟਿੰਗ ਵਿੱਚ ਸੌ ਤੋਂ ਵੱਧ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ | ਮੀਟਿੰਗ ਨੂੰ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਵੀ ਸੰਬੋਧਨ ਕੀਤਾ |
ਝੋਟਾ ਨੂੰ ਇਨਸਾਫ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਸ਼ੁੱਕਰਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪਹੁੰਚ ਕੇ ਗਿ੍ਫਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਉਠਾਈ | ਉਨ੍ਹਾ ਸਮੁੱਚੇ ਘਟਨਾਕ੍ਰਮ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੁਲਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾ ਨੇ ਕਿਹਾ ਕਿ ‘ਆਪ’ ਦੇ 92 ਵਿਧਾਇਕ ਗੂੰਗੇ ਬਣ ਕੇ ਬੈਠੇ ਹਨ | ਉਨ੍ਹਾਂ ਦੀ ਚੁੱਪੀ ਕਾਰਨ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾ ਕਿਹਾ ਕਿ ਹੁਣ ਛੋਟੇ-ਛੋਟੇ ਵਪਾਰੀਆਂ ਤੋਂ ਵੀ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਵਪਾਰੀ ਸਹਿਮੇ ਹੋਏ ਹਨ | ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਲਜ਼ਾਰ ਸਿੰਘ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਵਾਰਾਂ ਲਈ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਖਬਰ ਹੈ | ਹਾਲ ਹੀ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਕੱਤਰ ਤੋਂ ਗੁਲਜ਼ਾਰ ਸਿੰਘ, ਝੋਟਾ ਅਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਹਾਲਾਤ ਦੇ ਵੇਰਵੇ ਮੰਗੇ ਸਨ | ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਇਨ੍ਹਾਂ ਦੇ ਪਰਵਾਰਾਂ ਨਾਲ ਮੁਲਾਕਾਤ ਵੀ ਕੀਤੀ ਸੀ |





