‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ

0
5

ਨਵੀਂ ਦਿੱਲੀ (ਨ ਜ਼ ਸ)
ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨਿੱਚਰਵਾਰ ਜਾਰੀ ਕਰੇਗੀ | ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਇੱਥੇ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ | ਮਾਨ ਨੇ ਕਿਹਾ, ”ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ | ਭਲਕੇ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਉਮੀਦਵਾਰਾਂ ਦੇ ਨਾਂਅ ਅੰਤਿਮ ਰੂਪ ਵਿੱਚ ਤੈਅ ਕਰਕੇ ਐਲਾਨੇ ਜਾਣਗੇ |” ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਅਤੇ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਤੇ ਵਿੱਤ ਮੰਤਰੀ ਹਰਪਾਲ ਚੀਮਾ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਵਿੱਚ ਸ਼ਾਮਲ ਹੋਏ | ਪਾਰਟੀ ਦੇ ਸੂਤਰਾਂ ਮੁਤਾਬਕ ਹਾਈਕਮਾਂਡ ਨੇ ਲੱਗਭੱਗ 15 ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ | ਸ਼ੁਰੂਆਤੀ ਵਿਚਾਰ-ਵਟਾਂਦਰਾ ਉਨ੍ਹਾਂ ਉਮੀਦਵਾਰਾਂ ‘ਤੇ ਕੇਂਦਰਤ ਸੀ, ਜੋ ਦੋ ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਲਗਾਤਾਰ ਤੀਜੀ ਵਾਰ ਵੀ ਵਿਚਾਰੇ ਜਾਣ ਦੀ ਉਮੀਦ ਹੈ | ਪਾਰਟੀ ਦੇ ਇਸ ਵੇਲੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 94 ਵਿਧਾਇਕ ਹਨ |