ਕਾਂਗਰਸ ਵੱਲੋਂ 2027 ਵਿਧਾਨ ਸਭਾ ਚੋਣਾਂ ‘ਤੇ ਮੰਥਨ

0
8

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਸਿਆਸੀ ਰਣਨੀਤੀ ਘੜਨ ਲਈ ਸ਼ਨੀਵਾਰ ਪਾਰਟੀ ਦੇ ਮੁੱਖ ਦਫ਼ਤਰ ਇੰਦਰਾ ਭਵਨ ਵਿਖੇ ਸੂਬਾਈ ਲੀਡਰਸ਼ਿਪ ਨਾਲ ਉਚ-ਪੱਧਰੀ ਮੀਟਿੰਗ ਕੀਤੀ | ਆਲ ਇੰਡੀਆ ਕਾਂਗਰਸ ਕਮੇਟੀ (ਏ ਆਈ ਸੀ ਸੀ) ਦੇ ਜਨਰਲ ਸਕੱਤਰ (ਜਥੇਬੰਦਕ) ਕੇ ਸੀ ਵੇਣੂਗੋਪਾਲ ਦੀ ਮੌਜੂਦਗੀ ਵਿੱਚ ਹੋਈ ਇਸ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ | ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਸੰਗਰੂਰ ਰੈਲੀ ਦੀ ਸਫ਼ਲਤਾ ਅਤੇ ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਨੂੰ ਘੇਰਨ ਲਈ ਜ਼ਮੀਨੀ ਪੱਧਰ ‘ਤੇ ਲਾਮਬੰਦੀ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਖੜਗੇ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਨਿਰਣਾਇਕ ਸਿਆਸੀ ਤਬਦੀਲੀ ਵੱਲ ਵੇਖ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਨੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਸੂਬੇ ਵਿੱਚ ਭਿ੍ਸ਼ਟਾਚਾਰ, ਨਸ਼ਿਆਂ ਦਾ ਕਹਿਰ, ਗੈਂਗਸਟਰਵਾਦ ਅਤੇ ਅਸੁਰੱਖਿਆ ਦਾ ਮਾਹੌਲ ਬਣ ਚੁੱਕਾ ਹੈ | ਖੜਗੇ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ, ਤਰੱਕੀ ਅਤੇ ਅਮਨ-ਸ਼ਾਂਤੀ ਕਾਇਮ ਕਰਨ ਲਈ ਕਾਂਗਰਸ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ | ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਖੜਗੇ ਦੀ ਅਗਵਾਈ ਹੇਠ ਹੋਏ ਇਸ ਮੰਥਨ ਵਿੱਚ ਵਿਧਾਨ ਸਭਾ ਚੋਣਾਂ ਦੀ ਰੂਪ-ਰੇਖਾ ਉਲੀਕੀ ਗਈ ਹੈ | ਉਨ੍ਹਾ ਦਾਅਵਾ ਕੀਤਾ ਕਿ ਕਾਂਗਰਸ ਨੇ ਹਮੇਸ਼ਾ ਤਜਰਬੇ ਅਤੇ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕੀਤੀ ਹੈ ਅਤੇ ਸੂਬੇ ਦੀ ਜਨਤਾ 2027 ਦੀਆਂ ਚੋਣਾਂ ਵਿੱਚ ‘ਆਪ’ ਅਤੇ ਪੰਜਾਬ ਵਿਰੋਧੀ ਭਾਜਪਾ ਦੋਵਾਂ ਨੂੰ ਨਕਾਰ ਕੇ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਏਗੀ |