ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ | ਇਹ ਖੁਲਾਸਾ ਮੰਗਲਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਕੀਤੀ | ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ‘ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ ਨੂੰ ਮਾਨਤਾ ਦੇਣ ਦੇ ਫੈਸਲੇ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ | ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਦੇ ਮੈਂਬਰ ਹਰਭਜਨ ਸਿੰਘ ਮਸਾਣਾ ਵੱਲੋਂ ਵੀ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ | ਹਰਿਆਣਾ ‘ਚ ਵੱਖਰੀ ਕਮੇਟੀ ਦੇ ਮਾਮਲੇ ਵਿਚ ਪਹਿਲਾਂ ਵੀ ਹਰਭਜਨ ਸਿੰਘ ਮਸਾਣਾ ਵੱਲੋਂ ਹੀ ਪਟੀਸ਼ਨ ਦਾਇਰ ਕੀਤੀ ਹੋਈ ਸੀ, ਜਿਸ ਬਾਰੇ ਸੁਪਰੀਮ ਕੋਰਟ ਵੱਲੋਂ ਫੈਸਲਾ ਕੀਤਾ ਗਿਆ ਸੀ | ਉਨ੍ਹਾ ਦੱਸਿਆ ਕਿ ਇਸੇ ਮਾਮਲੇ ‘ਚ ਸਿੱਖ ਵਿਦਵਾਨਾਂ ਅਤੇ ਸਿੱਖ ਵਕੀਲਾਂ ਦੀ ਮੀਟਿੰਗ ਜਲਦੀ ਹੀ ਸੱਦੀ ਜਾ ਰਹੀ ਹੈ | ਇਹ ਮੀਟਿੰਗ ਅੰਮਿ੍ਤਸਰ ਜਾਂ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿਚ ਮਾਹਰਾਂ ਦੀ ਰਾਇ ਲੈਣ ਤੋਂ ਬਾਅਦ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ |
ਉਨ੍ਹਾ ਦੱਸਿਆ ਕਿ 27 ਅਕਤੂਬਰ ਨੂੰ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ‘ਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਸੰਬੰਧੀ ਹੋਣ ਵਾਲੇ ਸਮਾਗਮ ‘ਚ ਵੀ ਜਨਤਕ ਤੌਰ ‘ਤੇ ਇਹ ਸਾਰੇ ਮਾਮਲੇ ਵਿਚਾਰੇ ਜਾਣਗੇ |
ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ‘ਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਵਕੀਲਾਂ ਦੀ ਕਮੇਟੀ ਬਣਾਈ ਗਈ ਹੈ | ਇਸ ਦੌਰਾਨ ਉਨ੍ਹਾ ਹਰਿਆਣਾ ‘ਚ ਵੱਖਰੀ ਕਮੇਟੀ ਦੇ ਪ੍ਰਧਾਨ ਹੋਣ ਦੇ ਦਾਅਵੇ ਕਰ ਰਹੇ ਆਗੂਆਂ ਨੂੰ ਆਖਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਅਕਾਲ ਤਖ਼ਤ ‘ਤੇ ਆਉਣ ਅਤੇ ਮਿਲ-ਬੈਠ ਕੇ ਇਸ ਸਮੁੱਚੇ ਮਾਮਲੇ ਦਾ ਹੱਲ ਕੀਤਾ ਜਾਵੇ |