ਡੀ ਏ ਦੇ ਬਕਾਏ ਨਾ ਦੇਣ ‘ਤੇ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ

0
11

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ ਏ) ਦੇ ਬਕਾਏ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰ ਦਿੱਤਾ | ਅਦਾਲਤ ਨੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ ਜਵਾਬੀ ਹਲਫਨਾਮਾ ਦਾਖਲ ਕਰਕੇ ਇਹ ਦੱਸਣ ਦੇ ਹੁਕਮ ਦਿੱਤੇ ਹਨ ਕਿ 3 ਅਗਸਤ ਨੂੰ ਜਾਰੀ ਕੀਤੇ ਗਏ ਹਾਈ ਕੋਰਟ ਦੇ ਪਿਛਲੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ | ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ |
ਸੁਣਵਾਈ ਦੌਰਾਨ ਮੁੱਖ ਸਕੱਤਰ ਖੁਦ ਅਦਾਲਤ ਵਿੱਚ ਹਾਜ਼ਰ ਸਨ | ਅਦਾਲਤ ਨੇ ਉਨ੍ਹਾ ਨੂੰ ਹੁਕਮ ਦਿੱਤਾ ਕਿ ਉਹ ਨਿਰਧਾਰਤ ਸਮੇਂ ਅੰਦਰ ਹਲਫਨਾਮਾ ਦਾਖਲ ਕਰਕੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਸੰਬੰਧੀ ਆਪਣਾ ਜਵਾਬ ਦੇਣ |
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਸ ਦੀ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸ ਐੱਲ ਪੀ) ਦਾਖ਼ਲ ਕਰਨ ਦੀ ਤਿਆਰੀ ਪੂਰੀ ਹੋ ਚੁੱਕੀ ਹੈ ਅਤੇ ਇਸ ਵਿੱਚ ਰਹਿ ਗਈਆਂ ਸਾਰੀਆਂ ਤਕਨੀਕੀ ਖਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ | ਸਰਕਾਰ ਨੇ ਕਿਹਾ ਕਿ ਦੀਵਾਲੀ ਤੋਂ ਤੁਰੰਤ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਸੂਚੀਬੱਧ ਹੋਣ ਦੀ ਸੰਭਾਵਨਾ ਹੈ |
ਦੂਜੇ ਪਾਸੇ, ਪਟੀਸ਼ਨਰਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੀ ਹੈ | ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਲੋਕਾਂ ਦੇ ਪੈਸੇ ਦੀ ਵਰਤੋਂ ਮੁਫਤ ਸਹੂਲਤਾਂ ਦੇਣ ਲਈ ਕਰਨ ਤੋਂ ਰੋਕਿਆ ਜਾਵੇ | ਸੀਨੀਅਰ ਵਕੀਲ ਸੰਨੀ ਸਿੰਗਲਾ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੇ ਜਾਣ ਮਗਰੋਂ ਇਹ ਮਾਮਲਾ ਮੁੜ ਹਾਈ ਕੋਰਟ ਵਿੱਚ ਪਹੁੰਚਿਆ ਹੈ | ਪਟੀਸ਼ਨਰਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਨਾ ਤਾਂ ਨਿਰਧਾਰਤ ਸਮੇਂ ਅੰਦਰ ਡੀ ਏ ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਅਦਾਲਤ ਵੱਲੋਂ ਮੰਗੀ ਗਈ ਲਾਜ਼ਮੀ ਪਾਲਣਾ ਰਿਪੋਰਟ ਦਾਖਲ ਕੀਤੀ |
ਇਸ ਤੋਂ ਪਹਿਲਾਂ ਅਕਤੂਬਰ ਵਿੱਚ ਵੀ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਦੇ ਬਕਾਏ ਸੰਬੰਧੀ ਮਾਮਲੇ ਦੀ ਸੁਣਵਾਈ ਕਰਦਿਆਂ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਖਤ ਨਾਰਾਜ਼ਗੀ ਪ੍ਰਗਟਾਈ ਸੀ | ਇਹ ਮਾਣਹਾਨੀ ਪਟੀਸ਼ਨ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਸੇਵਾਮੁਕਤ ਮੁੱਖ ਇੰਜਨੀਅਰ ਨਿਰਮਲ ਸਿੰਘ ਢਿੱਲੋਂ ਵੱਲੋਂ ਦਾਇਰ ਕੀਤੀ ਗਈ ਸੀ | ਇਸ ਵਿੱਚ ਡੀ ਏ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲੀ ਮਹਿੰਗਾਈ ਰਾਹਤ (ਡੀ ਆਰ) ਸੰਬੰਧੀ ਅਦਾਲਤੀ ਹੁਕਮਾਂ ਦੀ ਕਥਿਤ ਤੌਰ ‘ਤੇ ਪਾਲਣਾ ਨਾ ਕਰਨ ਦਾ ਮੁੱਦਾ ਚੁੱਕਿਆ ਗਿਆ ਸੀ | ਜਸਟਿਸ ਹਰਸ਼ ਦੀ ਅਗਵਾਈ ਵਾਲੀ ਬੈਂਚ ਸਾਹਮਣੇ ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਹੁਕਮ ਲਾਗੂ ਕਰਨ ਤੋਂ ਬਚਣ ਲਈ ਜਾਣਬੁੱਝ ਕੇ ਦੇਰੀ ਕਰ ਰਹੀ ਹੈ | ਉਨ੍ਹਾ ਇਹ ਵੀ ਦੱਸਿਆ ਸੀ ਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਐੱਸ ਐੱਲ ਪੀ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਕਨੀਕੀ ਖਾਮੀਆਂ ਵਾਲੀਆਂ ਪਟੀਸ਼ਨਾਂ ਦੀ ਸੂਚੀ ਵਿੱਚ ਪਈ ਹੋਈ ਹੈ | ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਾਇਆ ਸੀ | ਅਦਾਲਤ ਨੇ ਮੁੱਖ ਸਕੱਤਰ ਨੂੰ ਨਿੱਜੀ ਤੌਰ ‘ਤੇ ਹਲਫਨਾਮਾ ਦਾਖਲ ਕਰਕੇ ਇਹ ਸਪੱਸ਼ਟ ਕਰਨ ਲਈ ਵੀ ਕਿਹਾ ਸੀ ਕਿ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਿਉਂ ਨਹੀਂ ਕੀਤਾ ਗਿਆ |
ਸੁਣਵਾਈ ਦੌਰਾਨ ਅਦਾਲਤ ਨੇ ਸਰਕਾਰ ਨੂੰ ਸਖਤ ਸਵਾਲ ਕਰਦਿਆਂ ਪੁੱਛਿਆ ਸੀ ਕਿ ਜਦੋਂ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੇ ਡੀ ਏ ਅਤੇ ਡੀ ਆਰ ਦੇ ਲਾਭ ਰੋਕ ਰੱਖੇ ਹਨ ਤਾਂ ਫਿਰ ਸੀਨੀਅਰ ਅਧਿਕਾਰੀਆਂ ਦੇ ਅਜਿਹੇ ਲਾਭ ਕਿਉਂ ਨਹੀਂ ਰੋਕੇ ਗਏ | ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 1 ਜੁਲਾਈ 2021 ਤੋਂ 30 ਸਤੰਬਰ 2026 ਤੱਕ ਡੀ ਏ ਦੇ ਬਕਾਏ ਦੀ ਕੁੱਲ ਦੇਣਦਾਰੀ 22,818 ਕਰੋੜ ਰੁਪਏ ਬਣਦੀ ਹੈ | ਹੋਰ ਬਕਾਇਆ ਦੇਣਦਾਰੀਆਂ ਨੂੰ ਜੋੜ ਕੇ ਇਹ ਰਕਮ 32,418 ਕਰੋੜ ਰੁਪਏ ਹੋ ਜਾਂਦੀ ਹੈ | ਅਦਾਲਤ ਨੇ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ |
ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 18 ਸਤੰਬਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਡੀ ਏ ਵਿੱਚ ਅੱਠ ਫੀਸਦੀ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਸੀ | ਇਸ ਤੋਂ ਬਾਅਦ 23 ਸਤੰਬਰ ਨੂੰ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਡੀ ਏ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਸੀ | ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਕੀਤਾ ਗਿਆ ਹੈ | ਸਤੰਬਰ ਮਹੀਨੇ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦਾ ਭੁਗਤਾਨ ਅਕਤੂਬਰ ਵਿੱਚ ਵਧੀ ਹੋਈ ਦਰ ਨਾਲ ਕੀਤਾ ਗਿਆ |
ਮੁੱਖ ਸਕੱਤਰ ਨੇ ਸਰਕਾਰ ਸਿਰ ਬਕਾਏ ਦੀ ਵੱਡੀ ਰਕਮ ਹੋਣ ਦਾ ਵੀ ਹਵਾਲਾ ਦਿੱਤਾ | ਉਨ੍ਹਾ ਦੱਸਿਆ ਕਿ 2025-26 ਦੇ ਸੋਧੇ ਹੋਏ ਅਨੁਮਾਨਾਂ ਅਨੁਸਾਰ ਸੂਬੇ ਵਿੱਚ ਤਨਖਾਹਾਂ ਅਤੇ ਪੈਨਸ਼ਨਾਂ ‘ਤੇ ਸਾਲਾਨਾ ਲੱਗਭੱਗ 58,064 ਕਰੋੜ ਰੁਪਏ ਖਰਚ ਹੁੰਦੇ ਹਨ | ਉਨ੍ਹਾ ਕਿਹਾ ਕਿ ਡੀ ਏ ਦੇ ਬਕਾਏ ਦੀ ਅਦਾਇਗੀ ਕਰਨ ਲਈ ਬਜਟ ਵਿੱਚ ਢੁੱਕਵੇਂ ਪ੍ਰਬੰਧ ਕਰਨ ਦੀ ਲੋੜ ਹੈ |
ਕਾਨੂੰਨੀ ਪੱਖ ਬਾਰੇ ਸਰਕਾਰ ਨੇ ਦੱਸਿਆ ਕਿ ਹਾਈ ਕੋਰਟ ਦੇ 3 ਅਗਸਤ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਪਹਿਲੀ ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਐੱਸ ਐੱਲ ਪੀ ਦਾਇਰ ਕੀਤੀ ਗਈ ਸੀ | ਸੁਪਰੀਮ ਕੋਰਟ ਦੀ ਰਜਿਸਟਰੀ ਨੇ ਪਟੀਸ਼ਨ ਵਿੱਚ ਕੁਝ ਤਕਨੀਕੀ ਖਾਮੀਆਂ ਦੱਸੀਆਂ ਸਨ, ਜਿਸ ਤੋਂ ਬਾਅਦ ਇਕ ਅਕਤੂਬਰ ਨੂੰ ਇਸ ਨੂੰ ਮੁੜ ਦਾਇਰ ਕੀਤਾ ਗਿਆ | ਸਰਕਾਰ ਨੇ ਕਿਹਾ ਕਿ ਉਹ ਕਾਨੂੰਨੀ ਰਾਹ ਅਖਤਿਆਰ ਕਰਨ ਦੀ ਪ੍ਰਕਿਰਿਆ ਜਾਰੀ ਰੱਖ ਰਹੀ ਹੈ ਅਤੇ ਬਕਾਏ ਦੀ ਅਦਾਇਗੀ ਵਿੱਚ ਹੋਈ ਦੇਰੀ ਜਾਣਬੁੱਝ ਕੇ ਨਹੀਂ ਕੀਤੀ ਗਈ | ਸਰਕਾਰ ਦਾ ਤਰਕ ਸੀ ਕਿ ਕਾਨੂੰਨੀ ਉਪਾਅ ਅਖਤਿਆਰ ਕਰਨ ਦੌਰਾਨ ਹੋਈ ਦੇਰੀ ਨੂੰ ਅਦਾਲਤੀ ਹੁਕਮਾਂ ਦੀ ਜਾਣਬੁੱਝ ਕੇ ਕੀਤੀ ਗਈ ਉਲੰਘਣਾ ਨਹੀਂ ਮੰਨਿਆ ਜਾਣਾ ਚਾਹੀਦਾ | ਹਾਲਾਂਕਿ ਸਰਕਾਰ ਨੇ ਇਹ ਵੀ ਸਵੀਕਾਰ ਕੀਤਾ ਕਿ ਹਾਈ ਕੋਰਟ ਦਾ ਹੁਕਮ ਅਜੇ ਵੀ ਲਾਗੂ ਹੈ ਅਤੇ ਉਸ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ ਏ ਦੇ ਬਕਾਏ ਛੇ ਫੀਸਦੀ ਸਾਲਾਨਾ ਵਿਆਜ ਸਮੇਤ ਅਦਾ ਕਰਨੇ ਪੈਣਗੇ |