ਨਵੀਂ ਦਿੱਲੀ : ਖੁਫੀਆ ਬਿਊਰੋ (ਆਈ ਬੀ) ਨੇ ਮੰਗਲਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੱਡਾ ਅਸਰ ਪੈ ਸਕਦਾ ਹੈ | ਹਵਾਰਾ ਉੱਚ ਜੋਖ਼ਮ ਵਾਲੇ ਕੈਦੀਆਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ ਅਤੇ ਉਸ ਨੂੰ ਪੰਜਾਬ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ | ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਪੀ ਬੀ ਵਰਾਲੇ ਦੀ ਬੈਂਚ ਨੇ ਸੀਨੀਅਰ ਵਕੀਲ ਐੱਸ ਮੁਰਲੀਧਰ ਨੂੰ ਕਿਹਾ ਕਿ ਖੁਫੀਆ ਏਜੰਸੀ ਦੀ ਰਿਪੋਰਟ ਬੇਹੱਦ ਗੰਭੀਰ ਹੈ | ਇਸ ‘ਤੇ ਮੁਰਲੀਧਰ ਨੇ ਕਿਹਾ ਕਿ ਜੇ ਚੋਣਾਂ ਨੂੰ ਲੈ ਕੇ ਕੋਈ ਚਿੰਤਾ ਹੈ ਤਾਂ ਇਸ ਮਾਮਲੇ ਦੀ ਸੁਣਵਾਈ ਤਿੰਨ ਮਹੀਨਿਆਂ ਬਾਅਦ ਕੀਤੀ ਜਾ ਸਕਦੀ ਹੈ | ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ ਫਰਵਰੀ ਵਿੱਚ ਤੈਅ ਕੀਤੀ ਹੈ | ਦਿੱਲੀ ਸਰਕਾਰ ਵੱਲੋਂ ਪੇਸ਼ ਹੋਈ ਐਡੀਸ਼ਨਲ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਵਿੱਚ ਸ਼ਾਮਲ ਰਿਹਾ ਹੈ | ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਉਸ ਦੇ ਫਰਾਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ |




