ਮਾਨਸਾ (ਰੀਤਵਾਲ)-ਸੂਬੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਅਤਿ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਜਿੱਥੇ ਕਿਸਾਨਾਂ ਨੂੰ ਫਸਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਅਵਾਰਾ ਗਊਆਂ ਕਰਕੇ ਹਰ ਰੋਜ਼ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਸੂਬੇ ਦੀ ਮਾਨ ਸਰਕਾਰ ਇਸ ਦੇ ਹੱਲ ਲਈ ਗੰਭੀਰ ਵਿਚਾਰ ਨਹੀਂ ਕਰ ਰਹੀ | ਅਵਾਰਾ ਗਊਆਂ ਦੇ ਸਾਰਥਿਕ ਹੱਲ ਲਈ ਠੋਸ ਯੋਜਨਾ ਤਿਆਰ ਕਰਨ ਦੀ ਲੋੜ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਕਿ੍ਸ਼ਨ ਚੌਹਾਨ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕੀਤਾ | ਉਨ੍ਹਾਂ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਮਾਨਸਾ ਜ਼ਿਲ੍ਹੇ ਤੋਂ ਅਵਾਰਾ ਪਸ਼ੂ ਸੰਘਰਸ਼ ਕਮੇਟੀ ਦਾ ਗਠਨ ਕਰਕੇ ਲੜੇ ਗਏ ਸੰਘਰਸ਼ ਦੌਰਾਨ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਲਾਗੂ ਕੀਤਾ ਗਿਆ ਹੁੰਦਾ ਤਾਂ ਮਾਨਸਾ ਜ਼ਿਲ੍ਹੇ ਸਮੇਤ ਪੰਜਾਬ ਦੇ ਲੋਕਾਂ ਨੂੰ ਅਵਾਰਾ ਗਊਆਂ ਕਾਰਨ ਹੋ ਰਹੀਆਂ ਗੈਰਕੁਦਰਤੀ ਮੌਤਾਂ ਦਾ ਸ਼ਿਕਾਰ ਨਾ ਹੋਣਾ ਪੈਂਦਾ | ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਨਿਵਾਸੀ ਨੌਜਵਾਨ ਗੁਰਪ੍ਰੀਤ ਸਿੰਘ (38) ਉਰਫ਼ ਪੱਪੀ ਦੀ ਅਵਾਰਾ ਪਸ਼ੂ ਦੀ ਟੱਕਰ ਕਾਰਨ ਮੌਤ ਹੋ ਗਈ | ਆਗੂਆਂ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਸੰਬੰਧੀ ਫੌਰੀ ਕਾਰਵਾਈ ਕੀਤੀ ਜਾਵੇ, ਨਗਰ ਕੌਂਸਲ ਨੂੰ ਜਵਾਬਦੇਹ ਬਣਾਇਆ ਜਾਵੇ | ਸਰਕਾਰ ਪਰਵਾਰ ਨੂੰ ਘੱਟੋ-ਘੱਟ 10 ਲੱਖ ਰੁਪਏ ਮੁਆਵਜ਼ਾ ਦੇਵੇ, ਪਰਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਅੰਤ ਵਿੱਚ ਆਗੂਆਂ ਨੇ ਅਪੀਲ ਕਰਦਿਆਂ ਕਿਹਾ ਕਿ ਦਿਨੋ-ਦਿਨ ਵਧ ਰਹੀਆਂ ਘਟਨਾਵਾਂ ਰੋਕਣ ਸੰਬੰਧੀ ਜ਼ਿਲ੍ਹੇ ਦੀਆਂ ਧਾਰਮਿਕ, ਸਮਾਜਿਕ, ਜਨਤਕ, ਵਪਾਰਕ ਤੇ ਰਾਜਨੀਤਕ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤਿਆਰ ਕਰਕੇ ਸੰਘਰਸ਼ ਲਈ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਦਿਨੋ-ਦਿਨ ਵਧ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਹਾਇਕ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਵੀ ਸਨ |


