ਪ੍ਰੋਟੈੱਸਟ ਵਾਲੀ ਥਾਂ ਪੱਕੀ ਨਹੀਂ ਮੱਲ ਸਕਦੇ : ਸੁਪਰੀਮ ਕੋਰਟ

0
8

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਸੁਪਰੀਮ ਕੋਰਟ ਨੇ ਮੰਗਲਵਾਰ ਕੇਂਦਰ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਉਸ ਪਟੀਸ਼ਨ ‘ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ਵਿੱਚ ਵਪਾਰੀ ਜਥੇਬੰਦੀਆਂ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਖਿਲਾਫ ਰਾਮਲੀਲ੍ਹਾ ਮੈਦਾਨ ਵਿੱਚ ਚੱਲ ਰਹੇ ਪ੍ਰਦਰਸ਼ਨ ਨੂੰ ਰੋਕਣ ਦੀ ਮੰਗ ਕੀਤੀ ਹੈ | ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨ ਵਾਲੀ ਥਾਂ ‘ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ |
ਚੀਫ ਜਸਟਿਸ ਸੂਰੀਆ ਕਾਂਤ, ਜਸਟਿਸ ਜੌਏਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ‘ਤੇ ਆਧਾਰਤ ਬੈਂਚ ਵਪਾਰੀ ਜਥੇਬੰਦੀਆਂ ਸਮੇਤ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ | ਇਨ੍ਹਾਂ ਵਿੱਚ ਦਿੱਲੀ ਦੀ ਕਰਿਆਨਾ ਕਮੇਟੀ ਵੱਲੋਂ ਦਾਇਰ ਪਟੀਸ਼ਨ ਵੀ ਸ਼ਾਮਲ ਹੈ | ਕਮੇਟੀ ਨੇ ਦੋਸ਼ ਲਾਇਆ ਹੈ ਕਿ ਰਾਮਲੀਲ੍ਹਾ ਮੈਦਾਨ ਵਿੱਚ ਚੱਲ ਰਹੇ ਪ੍ਰਦਰਸ਼ਨ ਕਾਰਨ ਉਨ੍ਹਾਂ ਦੇ ਕਾਰੋਬਾਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ |
ਸੁਣਵਾਈ ਦੌਰਾਨ ਚੀਫ ਜਸਟਿਸ ਨੇ ਕਿਹਾ, ‘ਤੁਸੀਂ ਕਿਸੇ ਥਾਂ ‘ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕਰ ਸਕਦੇ | ਫਿਰ ਕਿਸਾਨ, ਪੱਤਰਕਾਰ ਅਤੇ ਹੋਰ ਲੋਕ ਕਿੱਥੇ ਜਾਣਗੇ? ਹਰ ਕਿਸੇ ਨੂੰ ਵਿਰੋਧ ਪ੍ਰਗਟਾਉਣ ਦਾ ਹੱਕ ਹੈ | ਇਸ ਲਈ ਨਿਰਧਾਰਤ ਸਮੇਂ ਅਤੇ ਮਿਆਦ ਲਈ ਥਾਂ ਦਿੱਤੀ ਜਾਣੀ ਚਾਹੀਦੀ ਹੈ |’
ਬੈਂਚ ਇਨ੍ਹਾਂ ਪਟੀਸ਼ਨਾਂ ਦੇ ਸਮੂਹ ‘ਤੇ ਸੁਣਵਾਈ ਕਰ ਰਹੀ ਸੀ, ਜਿਨ੍ਹਾਂ ਵਿੱਚ ਕਥਿਤ ਤੌਰ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਿਰਾਸਤ ਵਿੱਚ ਲੈਣ, ਪੁਲਸ ਦੀ ਬੇਰਹਿਮੀ, ਮੈਟਰੋ ਸਟੇਸ਼ਨ ਬੰਦ ਕਰਨ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਵਰਗੇ ਮੁੱਦੇ ਵੀ ਚੁੱਕੇ ਗਏ ਹਨ | ਅਦਾਲਤ ਨੇ ਵਪਾਰੀ ਜਥੇਬੰਦੀਆਂ ਨੂੰ ਕਿਹਾ ਕਿ ਉਹ ਮੁੱਖ ਚੋਣ ਕਮਿਸ਼ਨਰ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਨੂੰ ਵੀ ਆਪਣੀ ਪਟੀਸ਼ਨ ਵਿੱਚ ਧਿਰ ਬਣਾਉਣ | ਵਪਾਰੀਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਪ੍ਰਦਰਸ਼ਨ ਵਾਲੀ ਥਾਂ ਦੇ ਨੇੜਲੇ ਇਲਾਕਿਆਂ ਵਿੱਚ 50 ਲੱਖ ਲੋਕ ਰਹਿੰਦੇ ਹਨ | ਅੱਜ ਸਾਰੀਆਂ ਦੁਕਾਨਾਂ ਬੰਦ ਹਨ ਅਤੇ ਕਨਾਟ ਪਲੇਸ ਵਿੱਚ ਵੀ ਕੋਈ ਵਿਅਕਤੀ ਨਜ਼ਰ ਨਹੀਂ ਆ ਰਿਹਾ | ਇਸ ‘ਤੇ ਬੈਂਚ ਨੇ ਕਿਹਾ ਕਿ ਜਦੋਂ ਤੱਕ ਵਪਾਰੀ ਜਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਸਾਰੀਆਂ ਜਥੇਬੰਦੀਆਂ ਨੂੰ ਪਟੀਸ਼ਨ ਵਿੱਚ ਧਿਰ ਨਹੀਂ ਬਣਾਉਂਦੀਆਂ, ਉਦੋਂ ਤੱਕ ਅਦਾਲਤ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਕਰ ਸਕਦੀ | ਇਸ ਮਾਮਲੇ ਦੀ ਸੁਣਵਾਈ ਜਾਰੀ ਸੀ | 15 ਅਕਤੂਬਰ ਨੂੰ ਵੀ ਸੁਪਰੀਮ ਕੋਰਟ ਦੀ ਇਸੇ ਬੈਂਚ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ 12 ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਦਾਇਰ ਪਟੀਸ਼ਨ ‘ਤੇ ਚੋਣ ਕਮਿਸ਼ਨ ਅਤੇ ਹੋਰਨਾਂ ਤੋਂ ਜਵਾਬ ਮੰਗਿਆ ਸੀ | ਇਸ ਪਟੀਸ਼ਨ ਵਿੱਚ ਵੱਡੀ ਪੱਧਰ ‘ਤੇ ਵੋਟਰਾਂ ਦੇ ਨਾਂਅ ਸੂਚੀਆਂ ਵਿੱਚੋਂ ਕੱਟਣ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਵਿੱਚ ਕਥਿਤ ਬੇਨੇਮੀਆਂ ਦਾ ਮੁੱਦਾ ਚੁੱਕਿਆ ਗਿਆ ਸੀ |