ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ‘ਚੋਂ ਰਿਹਾਅ

0
8

ਚੰਡੀਗੜ੍ਹ/ਨਾਭਾ : ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ ਨੂੰ ਸ਼ਾਮ ਛੇ ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ | ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਦੀ ਰਿਹਾਈ ‘ਤੇ ਸਿਰੋਪਾਓ ਭੇਟ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਲੱਖਾ ਅਤੇ ਮੋਹਨਜੀਤ ਨੇ ਕਿਹਾ ਕਿ ਉਨ੍ਹਾਂ ਦੇ ਹਿਰਾਸਤ ਵਿੱਚ ਹੋਣ ਦੌਰਾਨ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸਰਕਾਰ ਦਰਮਿਆਨ ਕੀ ਹੋਇਆ ਹੈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ | ਉਹ ਇੱਥੋਂ ਸਿੱਧਾ ਮੋਰਚੇ ‘ਤੇ ਹੀ ਜਾਣਗੇ | ਸਰਕਾਰ ਅਤੇ ਮੋਰਚੇ ਵਿਚਾਲੇ ਹੋਈ ਮੀਟਿੰਗ ਮਗਰੋਂ ਦੋਵਾਂ ਨੂੰ ਰਿਹਾਅ ਕੀਤਾ ਗਿਆ | ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਾਨਸਾ ਦੀ ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ | ਅਦਾਲਤ ਨੇ ਨਵੀਂ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ |