ਸਤਿਕਾਰ ਸੋਧ ਐਕਟ ‘ਤੇ ਸਰਕਾਰ ਲਗਾਏ ਮੁਕੰਮਲ ਰੋਕ : ਕਮੇਟੀ

0
8

ਸ੍ਰੀ ਆਨੰਦਪੁਰ ਸਾਹਿਬ (ਨ ਜ਼ ਸ)-ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਾਨੂੰਨੀ ਮਾਹਰਾਂ ਅਤੇ ਵਿਦਵਾਨਾਂ ਆਧਾਰਤ ਕਮੇਟੀ ਦੀ ਅਹਿਮ ਇਕੱਤਰਤਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ | ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਸਟਿਸ (ਸੇਵਾ-ਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾ-ਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸ਼ਾਮਲ ਹੋਏ | ਇਕੱਤਰਤਾ ਵਿੱਚ ਪੰਜਾਬ ਸਰਕਾਰ ਵੱਲੋਂ ਕਾਨੂੰਨ ਸੰਬੰਧੀ ਬਣਾਈ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨਾਲ ਗੱਲਬਾਤ ਲਈ ਲਿਖੇ ਗਏ ਪੱਤਰ ਉੱਤੇ ਵਿਚਾਰ ਹੋਈ | ਮਾਹਰ ਕਮੇਟੀ ਨੇ ਡੂੰਘੇ ਵਿਚਾਰ-ਵਟਾਂਦਰੇ ਉਪਰੰਤ ਫ਼ੈਸਲਾ ਕੀਤਾ ਕਿ ਗੱਲਬਾਤ ਅਗਾਂਹ ਵਧਾਉਣ ਤੋਂ ਪਹਿਲਾਂ ਪੰਜਾਬ ਸਰਕਾਰ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਦਿਆਂ ਸੋਧ ਐਕਟ 2026 ਦੇ ਅਮਲ ਉੱਤੇ ਮੁਕੰਮਲ ਰੋਕ ਲਗਾਵੇ ਅਤੇ ਆਦੇਸ਼ ਅਨੁਸਾਰ ਹੁਣ ਤੱਕ ਦੀ ਕੀਤੀ ਕਾਰਵਾਈ ਦੀ ਜਾਣਕਾਰੀ ਭੇਜੇ |
ਕਮੇਟੀ ਮੈਂਬਰਾਂ ਨੇ ਆਖਿਆ ਕਿ 8 ਮਈ 2026 ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਬਾਅਦ ਵਿੱਚ 29 ਜੂਨ 2026 ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੋਧ ਐਕਟ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਜ ਕਰਵਾਈ ਗਈ ਭਾਵਨਾ ਅਨੁਸਾਰ ਕੋਈ ਠੋਸ ਕਾਰਵਾਈ ਨਾ ਕਰਨਾ ਸਰਕਾਰ ਦੀ ਬਦਨੀਤੀ ਹੈ | ਉਨ੍ਹਾ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਸੁਹਿਰਦਤਾ ਇਸੇ ਗੱਲ ਤੋਂ ਸਾਬਤ ਹੋਵੇਗੀ ਕਿ ਸਰਕਾਰ ਇਸ ਕਾਨੂੰਨ ਦੇ ਅਮਲ ਉੱਤੇ ਪਹਿਲਾਂ ਮੁਕੰਮਲ ਰੋਕ ਲਗਾਵੇ |