ਕੋਚੀ (ਨਵਾਂ ਜ਼ਮਾਨਾ ਸਰਵਿਸ)
ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਵੱਲੋਂ ਵੋਟਰ ਸੂਚੀਆਂ ਵਿਚ ਵਿਸ਼ੇਸ਼ ਤੀਬਰ ਸੋਧ (ਐੱਸ ਆਈ ਆਰ) ਵਿਰੁੱਧ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਅੰਦੋਲਤ ਤਹਿਤ ਕੋਚੀ ਵਿਚ ਪ੍ਰਦਰਸ਼ਨ ਤੇ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਅਦਾਕਾਰ ਪ੍ਰਕਾਸ਼ ਰਾਜ ਨੇ ਕੀਤੀ | ਸੈਂਕੜੇ ਪ੍ਰਦਰਸ਼ਨਕਾਰੀ ‘ਜੰਤਰ ਮੰਤਰ ਐਟ ਕੋਚੀ’ ਮਾਰਚ ਵਿੱਚ ਸ਼ਾਮਲ ਹੋਏ | ਇਸ ਮੌਕੇ ਆਪਣੇ ਸੰਬੋਧਨ ਵਿਚ ਸੀ ਜੇ ਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਹੋਣ ਵਾਲੀਆਂ ਚੋਣਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ | ਦੀਪਕੇ, ਜੋ ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ, ਨੇ ਕਿਹਾ ਕਿ ਕੁਮਾਰ ਵਿਰੁੱਧ ਪਾਰਟੀ ਦੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਦੇਸ਼ ਵਿੱਚ ਇੱਕ ਸੁਤੰਤਰ ਅਤੇ ਨਿਰਪੱਖ ਚੋਣ ਪ੍ਰਣਾਲੀ ਯਕੀਨੀ ਨਹੀਂ ਹੋ ਜਾਂਦੀ | ਹਵਾਈ ਅੱਡੇ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੀਪਕੇ ਨੇ ਕਿਹਾ ਕਿ ਮੌਜੂਦਾ ਮੁੱਖ ਚੋਣ ਕਮਿਸ਼ਨਰ ਦੇ ਅਧੀਨ ਸੁਤੰਤਰ ਤੇ ਨਿਰਪੱਖ ਚੋਣਾਂ ਦੀ ਆਸ ਨਹੀਂ ਕੀਤੀ ਜਾ ਸਕਦੀ | ਇਹ ਦਾਅਵਾ ਕਰਦੇ ਹੋਏ ਕਿ ਉਨ੍ਹਾਂ ਵੱਲੋਂ ਇੱਕ ਰਾਜਨੀਤਕ ਪਾਰਟੀ ਨੂੰ ਲਾਭ ਪਹੁੰਚਾਉਣ ਲਈ ਹੇਰਾਫੇਰੀ ਕੀਤੀ ਜਾ ਰਹੀ ਹੈ | ਉਹਨਾ ਕਿਹਾ ਕਿ ਗਿਆਨੇਸ਼ ਕੁਮਾਰ ਵਿਰੁੱਧ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਾਨੂੰ ਇੱਕ ਸੁਤੰਤਰ ਅਤੇ ਨਿਰਪੱਖ ਚੋਣ ਪ੍ਰਣਾਲੀ ਨਹੀਂ ਮਿਲਦੀ | ਦੀਪਕੇ ਨੇ ਇਹ ਵੀ ਵਿਸ਼ਵਾਸ ਪ੍ਰਗਟ ਕੀਤਾ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣਗੇ | ਇਹ ਦਾਅਵਾ ਕਰਦੇ ਹੋਏ ਕਿ ਕੇਰਲ ਵਿੱਚ ਸਭ ਤੋਂ ਵੱਧ ਰਜਿਸਟਰਡ ਸੀ ਜੇ ਪੀ ਮੈਂਬਰ ਹਨ, ਦੀਪਕੇ ਨੇ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਕੇਰਲਮ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਬਾਹਰ ਆਉਣਗੇ |



