ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਸਮੂਹਕ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਉਨ੍ਹਾਂ ਦੀਆਂ ਸਜ਼ਾਵਾਂ ਮੁਅੱਤਲ ਕਰ ਦਿੱਤੀਆਂ, ਇਹ ਨੋਟ ਕਰਦੇ ਹੋਏ ਕਿ ਦੋਵੇਂ ਪਹਿਲਾਂ ਹੀ 17 ਸਾਲ ਤੋਂ ਵੱਧ ਕੈਦ ਕੱਟ ਚੁੱਕੇ ਹਨ | ਦੋਸ਼ੀਆਂ ਵਿੱਚੋਂ ਇੱਕ ਗੰਭੀਰ ਰੂਪ ਵਿੱਚ ਅਪਾਹਜ ਹੈ | ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਨਿਰਧਾਰਤ ਸ਼ਰਤਾਂ ‘ਤੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ | ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ ਵਰਾਲੇ ਦੀ ਬੈਂਚ ਨੇ ਦੋ ਦੋਸ਼ੀਆਂ ਬਿਪਿਨ ਚੰਦਰ ਜੋਸ਼ੀ ਅਤੇ ਪ੍ਰਦੀਪ ਮੋਦੀਨਿਆ ਵੱਲੋਂ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕੀਤੀ, ਜਿਸ ਵਿੱਚ 2017 ਦੇ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਨੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ |
ਸੁਣਵਾਈ ਦੌਰਾਨ ਦੋਸ਼ੀਆਂ ਦੇ ਵਕੀਲ ਸਿਧਾਰਥ ਲੂਥਰਾ ਨੇ ਕਿਹਾ ਕਿ ਦੋਵਾਂ ਨੇ 17 ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾਇਆ ਹੈ |
ਇੱਕ ਦੋਸ਼ੀ ਦਾ ਨਾਂਅ ਐੱਫ ਆਈ ਆਰ ਵਿੱਚ ਨਹੀਂ ਸੀ ਅਤੇ ਘਟਨਾ ਤੋਂ ਲਗਭਗ ਤਿੰਨ ਸਾਲ ਬਾਅਦ ਉਸ ‘ਤੇ ਦੋਸ਼ ਲਗਾਇਆ ਗਿਆ ਸੀ | ਉਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਇੱਕ ਦੋਸ਼ੀ ਬੁਰੀ ਤਰ੍ਹਾਂ ਅਪਾਹਜ ਹੈ |
ਇਸ ਦੌਰਾਨ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡੀਸ਼ਨਲ ਸਾਲਿਸਟਰ ਜਨਰਲ ਰਾਜਾ ਠਾਕਰੇ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ | ਉਨ੍ਹਾ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਅਤੇ ਹਾਈ ਕੋਰਟ ਦੋਵਾਂ ਨੇ ਪਹਿਲਾਂ ਹੀ ਮਾਮਲੇ ਵਿੱਚ ਸਬੂਤਾਂ ‘ਤੇ ਵਿਚਾਰ ਕਰ ਲਿਆ ਹੈ | ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਸ਼ੀ ਨੂੰ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ | 8 ਜਨਵਰੀ 2024 ਨੂੰ ਸੁਪਰੀਮ ਕੋਰਟ ਨੇ 15 ਅਗਸਤ 2022 ਨੂੰ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ (ਮੁਆਫੀ) ਦੇਣ ਵਾਲੇ ਗੁਜਰਾਤ ਸਰਕਾਰ ਦੇ ਹੁਕਮ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ | ਅਦਾਲਤ ਨੇ ਹੁਕਮ ਦਿੱਤਾ ਕਿ ਸਾਰੇ 11 ਦੋਸ਼ੀਆਂ ਨੂੰ ਜੇਲ੍ਹ ਵਾਪਸ ਜਾਣਾ ਪਵੇਗਾ |

