ਲਾਂਘਾ ਖੁੱਲ੍ਹਵਾਉਣ ਲਈ ਮਾਨ ਦੀ ਮੋਦੀ ਨੂੰ ਅਪੀਲ

0
11

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਿ੍ਹਆ ਜਾਵੇ, ਤਾਂ ਜੋ ਸ਼ਰਧਾਲੂ ਗੁਰਧਾਮ ਦੇ ਦਰਸ਼ਨ ਕਰ ਸਕਣ | ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਅਰਦਾਸ ਕਰਦੀ ਹੈ ਕਿ ਉਨ੍ਹਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਬਖ਼ਸ਼ੇ ਜਾਣ | ਉਨ੍ਹਾ ਯਾਦ ਦਿਵਾਇਆ ਕਿ ਸੰਗਤਾਂ ਦੀ ਇਸੇ ਡੂੰਘੀ ਆਸ ਅਤੇ ਭਾਵਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਸੰਬੰਧੀ ਇੱਕ ਮਤਾ ਪਾਸ ਕੀਤਾ ਗਿਆ ਸੀ | ਮਾਨ ਨੇ ਆਸ ਪ੍ਰਗਟਾਈ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ |
ਕਰੋੜਾਂ ਖਰਚਣ ਦੇ ਬਾਵਜੂਦ ਯਮੁਨਾ ਹੋਰ ਮੈਲੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਫਾਈ ‘ਤੇ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਯਮੁਨਾ ਨਦੀ ਦਾ ਪ੍ਰਦੂਸ਼ਣ ਘਟਣ ਦੀ ਬਜਾਏ ਸਿਰਫ ਵਧਿਆ ਹੀ ਹੈ | ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਉਨ੍ਹਾਂ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ (ਦਾਖਲ ਹੋਣ ਤੇ ਬਾਹਰ ਨਿਕਲਣ ਵਾਲੀਆਂ ਥਾਵਾਂ) ‘ਤੇ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ਕਰੇ, ਜਿੱਥੋਂ ਯਮੁਨਾ ਅਤੇ ਇਸ ਦੇ ਮੁੱਖ ਨਾਲੇ ਵੱਖ-ਵੱਖ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਜ਼ਿਲਿ੍ਹਆਂ ਵਿੱਚੋਂ ਲੰਘਦੇ ਹਨ | ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਮਨਮੋਹਨ ਦੀ ਬੈਂਚ ਨੇ ਟਿੱਪਣੀ ਕੀਤੀ ਕਿ ਉਦਯੋਗਿਕ ਪ੍ਰਦੂਸ਼ਕਾਂ ਅਤੇ ਅਣਸੋਧੇ ਸੀਵਰੇਜ ਨੂੰ ਸਰੋਤ ‘ਤੇ ਹੀ ਰੋਕਿਆ ਜਾਣਾ ਚਾਹੀਦਾ ਹੈ ਅਤੇ ਨਦੀ ਨੂੰ ਸਾਫ ਕਰਨ ਲਈ ਸਿਰਫ ਹੋਰ ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਉਣਾ ਕਾਫੀ ਨਹੀਂ |