ਅੰਮਿ੍ਤਸਰ
(ਨਵਾਂ ਜ਼ਮਾਨਾ ਸਰਵਿਸ)
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਐਤਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ | ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ ਗਏ ਹਨ | ਉਨ੍ਹਾ ਦੇ ਨਾਲ ਜਥੇ ਵਿੱਚ ਅੰਤਿ੍ੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਮੈਨੇਜਰ ਵਜੋਂ ਲਖਬੀਰ ਸਿੰਘ ਸ਼ਾਮਲ ਹਨ | ਜਥੇ ਦੀ ਰਵਾਨਗੀ ਦੀ ਅਰਦਾਸ ਜਥੇਦਾਰ ਗੜਗੱਜ ਵੱਲੋਂ ਕੀਤੀ ਗਈ | ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ | ਇਹ ਅਰਦਾਸ ਸਿੱਖ ਸੰਗਤ ਦੇ ਦਿਲਾਂ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਪਿਆਰ ਦੀ ਗਵਾਹੀ ਭਰਦੀ ਹੈ |
ਉਨ੍ਹਾ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੁੱਲ੍ਹੇ, ਇਹ ਕੌਮ ਦੀ ਅਰਦਾਸ ਹੈ | ਉਨ੍ਹਾ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ |
ਉਹਨਾ ਸ਼੍ਰੋਮਣੀ ਕਮੇਟੀ ਦੇ ਜਨਰਲ ਅਜਲਾਸ ਵਿੱਚ ਪਾਸ ਕੀਤੇ ਗਏ ਮਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰਾਂ ਨੂੰ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ | ਉਨ੍ਹਾ ਮੌਜੂਦਾ ਜਥਿਆਂ ਵਿੱਚ ਵੀ ਸ਼ਰਧਾਲੂਆਂ ਦੇ ਵੀਜ਼ਿਆਂ ਦੀ ਗਿਣਤੀ ਵਧਾਉਣ ਲਈ ਆਖਿਆ |
ਉਨ੍ਹਾ ਕਿਹਾ ਕਿ ਸਿੱਖਾਂ ਲਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੌਕੇ ‘ਤੇ ਵੀਜ਼ੇ ਦੀ ਸਹੂਲਤ ਦਾ ਪ੍ਰਬੰਧ ਹੋਣਾ ਚਾਹੀਦਾ ਹੈ, ਤਾਂ ਜੋ ਸੰਗਤਾਂ ਆਪਣੀ ਸ਼ਰਧਾ ਨੂੰ ਪੂਰਾ ਕਰ ਸਕਣ | ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਲਈ ਆਖਿਆ | ਉਨ੍ਹਾ ਗੁਰੂ ਸਾਹਿਬ ਅੱਗੇ ਜਥੇ ਦੀ ਸੁਖਦ ਯਾਤਰਾ ਅਤੇ ਸਮੁੱਚੇ ਖਿੱਤੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ‘ਤੇ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ | ਉਨ੍ਹਾ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕਿਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚਲੀ ਤਾਂਘ ਪੂਰੀ ਹੋ ਸਕੇ | ਉਨ੍ਹਾ ਦੱਸਿਆ ਕਿ ਇਸ ਵਾਰ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ | ਜਥੇ ਨੇ ਐਤਵਾਰ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜ ਜਾਣਾ ਸੀ | 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ | ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਭਾਰਤ ਵਾਪਸ ਪਰਤਣਗੇ |





