ਬਾਦਲ ਦਲ ਫਿਰ ਐੱਨ ਡੀ ਏ ‘ਚ ਵੜਿਆ

0
3

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ | ਨਵੀਂ ਦਿੱਲੀ ਵਿਖੇ ਹੋਈ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਾਂਝ ਦਾ ਐਲਾਨ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪੰਜਾਬ ਭਾਜਪਾ ਤੇ ਸ਼ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ | ਗਠਜੋੜ ਦੇ ਐਲਾਨ ਮੌਕੇ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ‘ਵੱਡੇ ਭਰਾ’ ਦੀ ਭੂਮਿਕਾ ਵਿੱਚ ਰਹੇਗਾ | ਜਦੋਂ ਅਮਿਤ ਸ਼ਾਹ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ |’ ਉਨ੍ਹਾਂ ਦੇ ਇਸ ਬਿਆਨ ਨਾਲ ਇਹ ਸਾਫ਼ ਹੋ ਗਿਆ ਹੈ ਕਿ ਸੂਬੇ ਵਿੱਚ ਗੱਠਜੋੜ ਦੀ ਅਗਵਾਈ ਅਕਾਲੀ ਦਲ ਹੀ ਕਰੇਗਾ | ਗੱਠਜੋੜ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਮੁੜ ਨਾਲ ਆਉਣ ਨਾਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਹਿੰਦੂ-ਸਿੱਖ ਏਕਤਾ ਨੂੰ ਹੋਰ ਅੱਗੇ ਵਧਾਉਣ ਦੇ ਭਾਜਪਾ ਦੇ ਵਾਅਦੇ ਨੂੰ ਵੱਡੀ ਮਜ਼ਬੂਤੀ ਮਿਲੇਗੀ | ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਨੂੰ ਮਹਿਜ਼ ਸਿਆਸੀ ਸਮਝੌਤਾ ਨਾ ਦੱਸਦਿਆਂ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ ਹੈ | ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਉਨ੍ਹਾ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ | ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਇਸ ਗਠਜੋੜ ਸਦਕਾ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੀ ਹੈ | ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਜਥੇਬੰਦੀ ਹੈ, ਜਿਸ ਦਾ ਦੇਸ਼, ਪੰਜਾਬ ਅਤੇ ਸਿੱਖ ਕੌਮ ਦੇ ਹਰ ਮਸਲੇ ਅਤੇ ਸੰਘਰਸ਼ ਵਿੱਚ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ | ਉਨ੍ਹਾ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੀ ਇਹ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਪੱਧਰਾ ਕਰੇਗੀ |
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਾਲ 2020 ਵਿੱਚ ਦੋਵਾਂ ਪਾਰਟੀਆਂ ਦਾ ਦਹਾਕਿਆਂ ਪੁਰਾਣਾ ਗੱਠਜੋੜ ਟੁੱਟ ਗਿਆ ਸੀ |