ਚੰਡੀਗੜ੍ਹ (ਨ ਜ਼ ਸ) : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਸੀ ਪੀ ਆਈ ਅਤੇ ਸੀ ਪੀ ਆਈ (ਐੱਮ) ਨਾਲ ਚੋਣ ਸਮਝੌਤੇ ਦੀਆਂ ਸੰਭਾਵਨਾਵਾਂ ਤਲਾਸ਼ ਸਕਦੀ ਹੈ | ਪੰਜਾਬ ਕਾਂਗਰਸ ਭਵਨ ‘ਚ ਬੁੱਧਵਾਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਪੂਰੀ ਤਾਕਤ ਨਾਲ ਚੋਣਾਂ ਲੜੇਗੀ ਅਤੇ ਸਰਕਾਰ ਬਣਾਏਗੀ | ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਨੇ ਮੁੜ ਸੁਰਜੀਤ ਹੋਏ ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ‘ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਮਜਬੂਰੀ ਕਰਾਰ ਦਿੱਤਾ | ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਪਾਰਟੀਆਂ ਨੂੰ ਆਪਣੇ ਅੰਦਰੂਨੀ ਸਰਵੇਖਣਾਂ ਵਿੱਚ ਨਾਂਹ-ਪੱਖੀ ਫੀਡਬੈਕ ਮਿਲੀ ਸੀ ਅਤੇ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਸੀ ਕਿ ਵੱਖ-ਵੱਖ ਚੋਣਾਂ ਲੜਨ ਨਾਲ ਉਨ੍ਹਾਂ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ | ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਨੌਜਵਾਨ ਆਗੂਆਂ ਨੂੰ ਮੌਕੇ ਦੇਵੇਗੀ, ਖਾਸ ਕਰਕੇ ਸਾਫ-ਸੁਥਰੇ ਅਕਸ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲਿਆਂ ਨੂੰ | ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 60-70 ਨੌਜਵਾਨ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਸੁਝਾਅ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾ ਕਿਹਾ ਕਿ ਪਾਰਟੀ ਨੌਜਵਾਨਾਂ ਨੂੰ ਉਤਸ਼ਾਹਤ ਕਰੇਗੀ, ਪਰ ਮਹਿਜ਼ ਗਿਣਤੀ ਦਾ ਟੀਚਾ ਪੂਰਾ ਕਰਨ ਲਈ ਟਿਕਟਾਂ ਨਹੀਂ ਵੰਡੇਗੀ | ਚੰਨੀ ਨੇ ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਦੇ ਆਧਾਰ ‘ਤੇ ਸਵਾਲ ਚੁੱਕਿਆ ਅਤੇ ਪੁੱਛਿਆ ਕਿ ਕੀ ਉਹ ਮੁੱਦੇ ਹੱਲ ਹੋ ਗਏ ਹਨ, ਜਿਨ੍ਹਾਂ ਕਾਰਨ ਛੇ ਸਾਲ ਪਹਿਲਾਂ ਉਨ੍ਹਾਂ ਦੇ ਰਸਤੇ ਵੱਖ ਹੋਏ ਸਨ | ਭਾਜਪਾ ‘ਤੇ ਪੰਜਾਬ ਵਿੱਚ ਘੱਟਗਿਣਤੀਆਂ ਨੂੰ ਕਮਜ਼ੋਰ ਕਰਨ ਦੀ ਇੱਛਾ ਰੱਖਣ ਦਾ ਦੋਸ਼ ਲਾਉਂਦਿਆਂ ਚੰਨੀ ਨੇ ਇਸ ਗੱਠਜੋੜ ਨੂੰ ਸੂਬੇ ਲਈ ਖਤਰਨਾਕ ਦੱਸਿਆ | ਉਨ੍ਹਾ ਕਿਸਾਨ ਅੰਦੋਲਨ ਨੂੰ ਲੈ ਕੇ ਵੀ ਭਾਜਪਾ ਨੂੰ ਨਿਸ਼ਾਨਾ ਬਣਾਇਆ ਅਤੇ ਦਾਅਵਾ ਕੀਤਾ ਕਿ ਇਸ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ |




