ਵਿਰੋਧੀ ਪਾਰਟੀਆਂ ਕੁਰਸੀ ਦੀ ਲੜਾਈ ਲੜ ਰਹੀਆਂ : ਮਾਨ

0
3

ਮੋਗਾ (ਇਕਬਾਲ ਸਿੰਘ ਖਹਿਰਾ) : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਇੱਥੇ ਹੋਈ ਵਿਸ਼ਾਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ‘ਤੇ ਤਿੱਖੇ ਸਿਆਸੀ ਹਮਲੇ ਕੀਤੇ | ਉਨ੍ਹਾ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਬਿਆਨਾਂ ਅਤੇ ਮੌਜੂਦਾ ਗੱਠਜੋੜ ‘ਤੇ ਸਵਾਲ ਚੁੱਕੇ | ਆਪਣੇ ਸੰਬੋਧਨ ਵਿਚ ਉਨ੍ਹਾ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਨੇ ਇੱਕ-ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ, ਪਰ ਹੁਣ ਸਿਆਸੀ ਹਿੱਤਾਂ ਲਈ ਇਕੱਠੇ ਹੋ ਰਹੇ ਹਨ | ਉਨ੍ਹਾ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਲੋੜ ਹੈ | ਉਨ੍ਹਾ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੌਰਾਨ ਭਾਜਪਾ ਖ਼ਿਲਾਫ਼ ਲਏ ਗਏ ਸਟੈਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਸਨ, ਉਸ ਸਮੇਂ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ | ਉਨ੍ਹਾ ਸਵਾਲ ਕੀਤਾ ਕਿ ਕਿਸਾਨ ਵਿਰੋਧੀ ਕਹੇ ਜਾਣ ਵਾਲੇ ਕਾਨੂੰਨਾਂ ਅਤੇ ਭਾਜਪਾ ਨਾਲ ਸਿਆਸੀ ਸਮਝੌਤੇ ਬਾਰੇ ਅਕਾਲੀ ਦਲ ਹੁਣ ਆਪਣਾ ਪੱਖ ਸਪੱਸ਼ਟ ਕਰੇ | ਭਗਵੰਤ ਮਾਨ ਨੇ ਭਾਜਪਾ ‘ਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਨਿਸ਼ਾਨਾ ਸੇਧਿਆ | ਉਨ੍ਹਾ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਦਾ ਹੱਲ ਕਰਵਾਉਣ ਦੀ ਬਜਾਏ ਸਿਆਸੀ ਪਾਰਟੀਆਂ ਕੁਰਸੀ ਦੀ ਲੜਾਈ ਵਿੱਚ ਲੱਗੀਆਂ ਹੋਈਆਂ ਹਨ | ਮੁੱਖ ਮੰਤਰੀ ਨੇ ਕਾਂਗਰਸ ਦੀ ਪਿਛਲੀ ਸਰਕਾਰ ਅਤੇ ਸੂਬੇ ਦੇ ਕਾਂਗਰਸੀ ਆਗੂਆਂ ‘ਤੇ ਵੀ ਨਿਸ਼ਾਨੇ ਸੇਧੇ | ਉਨ੍ਹਾ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਏਜੰਡਾ ਨਹੀਂ ਅਤੇ ਉਹ ਸਿਰਫ਼ ਸਿਆਸੀ ਸਰਗਰਮੀਆਂ ਰਾਹੀਂ ਲੋਕਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ | ਉਹਨਾ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾ ਮੁਤਾਬਕ ਸੂਬੇ ਦੇ ਲਗਪਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਵਾਉਣ ਦੀ ਅਪੀਲ ਕੀਤੀ | ਆਪਣੇ ਸੰਬੋਧਨ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਲੋਕਾਂ ਤੋਂ ਸਿੱਧੇ ਸਵਾਲ ਕਰਦਿਆਂ ਪੁੱਛਿਆ ਕਿ ਕਿੰਨੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਉਨ੍ਹਾ ਰੈਲੀ ਵਿੱਚ ਮੌਜੂਦ ਲੋਕਾਂ ਦੇ ਹੁੰਗਾਰੇ ਨੂੰ ਆਪਣੀ ਸਰਕਾਰ ਪ੍ਰਤੀ ਸਮਰਥਨ ਦੱਸਿਆ | ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਵੱਡੀ ਪੰਜਾਬ ਪੱਧਰੀ ਰੈਲੀ ਦਾ ਅਸਰ ਆਵਾਜਾਈ ‘ਤੇ ਦੇਖਣ ਨੂੰ ਮਿਲਿਆ | ਅੱਡਿਆਂ ‘ਤੇ ਮੁਸਾਫ਼ਰ ਲੰਮੇ ਸਮੇਂ ਤੋਂ ਬੱਸਾਂ ਦੀ ਉਡੀਕ ਕਰਦੇ ਨਜ਼ਰ ਆਏ |