ਗੱਠਜੋੜ ਤੋਂ ਬਾਅਦ ਅਕਾਲੀ-ਭਾਜਪਾ ‘ਚ ਪਹਿਲੀ ਮੀਟਿੰਗ

0
5

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਕਾਸ਼ ਪੁਰਬ ਮੌਕੇ ਚੋਣਾਂ ਤੋਂ ਪਹਿਲਾਂ ਗੱਠਜੋੜ ਦਾ ਐਲਾਨ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਆਪਣੀ ਪਹਿਲੀ ਰਸਮੀ ਮੀਟਿੰਗ ਕੀਤੀ | ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ (ਲੰਚ) ‘ਤੇ ਮੁਲਾਕਾਤ ਕੀਤੀ | ਇਸ ਦੌਰਾਨ ਸਾਂਝੀ ਚੋਣ ਮੁਹਿੰਮ ਦੀ ਰਣਨੀਤੀ ਅਤੇ 8 ਦਸੰਬਰ ਨੂੰ ਮੋਗਾ ਵਿਖੇ ਪ੍ਰਸਤਾਵਿਤ ਰੈਲੀ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ | ਅਕਾਲੀ ਦਲ ਦੇ ਖੇਮੇ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਅਤੇ ਦਲਜੀਤ ਸਿੰਘ ਚੀਮਾ ਸ਼ਾਮਲ ਸਨ | ਦੂਜੇ ਪਾਸੇ, ਭਾਜਪਾ ਧੜੇ ਦੀ ਅਗਵਾਈ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਅਨਿਲ ਸਰੀਨ ਅਤੇ ਅਸ਼ਵਨੀ ਸ਼ਰਮਾ ਨੇ ਕੀਤੀ | ਮੀਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ, ਜਿਸ ਵਿੱਚ ਸੁਖਬੀਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਅਤੇ ਕੇਂਦਰ ਵੱਲੋਂ ਪ੍ਰਸਤਾਵਤ ਹੱਦਬੰਦੀ (ਡੀਲਿਮੀਟੇਸ਼ਨ) ਫਾਰਮੂਲੇ ਪ੍ਰਤੀ ਆਪਣੀ ਹਮਾਇਤ ਮੁੜ ਦੁਹਰਾਈ, ਜੋ ਇਸ ਵਿਵਾਦਪੂਰਨ ਮੁੱਦੇ ‘ਤੇ ਦੋਵਾਂ ਪਾਰਟੀਆਂ ਦੇ ਸਾਂਝੇ ਸਿਆਸੀ ਸਟੈਂਡ ਦਾ ਸੰਕੇਤ ਦਿੰਦਾ ਹੈ |