ਸੰਗਰੂਰ (ਪ੍ਰਵੀਨ ਸਿੰਘ)
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਪੱਕੇ ਮੋਰਚੇ ਦੇ 12ਵੇਂ ਦਿਨ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਵੀਰਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ। ਕਲੋਨੀ ਵਾਲੇ ਪਾਸੇ ਵੱਡੀ ਤਾਦਾਦ ’ਚ ਪੁਲਸ, ਵਿਚਕਾਰ ਲੋਹੇ ਦੇ ਵੱਡੇ-ਵੱਡੇ ਬੈਰੀਕੇਡ ਅਤੇ ਦੂਜੇ ਪਾਸੇ ਕਿਸਾਨ ਡਟੇ ਹੋਏ ਹਨ।
ਯੂਨੀਅਨ ਨੇ ਮੁੱਖ ਮੰਤਰੀ ਵੱਲੋਂ 7 ਅਕਤੂਬਰ ਦੀ ਮੀਟਿੰਗ ’ਚ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ 9 ਅਕਤੂਬਰ ਤੋਂ ਇਥੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਸੜਕ ਉਪਰ ਸੂਬਾ ਪੱਧਰੀ ਪੱਕਾ ਮੋਰਚਾ ਲਗਾਇਆ ਹੋਇਆ ਹੈ। 15 ਅਕਤੂਬਰ ਨੂੰ ਕੀਤੀ ਲਲਕਾਰ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਮੰਗਾਂ ਸੰਬੰਧੀ ਯਾਦ ਪੱਤਰ ਵੀ ਭੇਜਿਆ ਗਿਆ ਸੀ, ਪਰ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ ’ਤੇ ਕਿਸਾਨਾਂ ਨੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ ਹੈ। ਭਾਵੇਂ ਪ੍ਰਸ਼ਾਸਨ ਨਾਲ ਯੂਨੀਅਨ ਦੀ ਮੀਟਿੰਗ ਵੀ ਹੋਈ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹਾਲਾਂਕਿ ਯੂਨੀਅਨ ਨੇ ਮੁੱਖ ਮੰਤਰੀ ਦੀ ਕੋਠੀ ਦਾ ਚਾਰ ਚੁਫੇਰਿਓਂ ਘਿਰਾਓ ਦਾ ਐਲਾਨ ਕੀਤਾ ਸੀ, ਪਰ ਕਲੋਨੀ ਦੇ ਵਸਨੀਕਾਂ ਦੀ ਮੁਸ਼ਕਲ ਨੂੰ ਵੇਖਦਿਆਂ ਕਲੋਨੀ ਦੇ ਪਿਛਲੇ ਗੇਟ ਦਾ ਘਿਰਾਓ ਨਹੀਂ ਕੀਤਾ ਗਿਆ।




