ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਨੇ ਸ਼ੁੱਕਰਵਾਰ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਸਿਧਾਂਤਕ ਫੈਸਲਾ ਕੀਤਾ। ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਂ ਨਵੀਂ ਪੈਨਸ਼ਨ ਸਕੀਮ ਦੋਵਾਂ ਵਿੱਚੋਂ ਚੋਣ ਕਰਨ ਦਾ ਅਧਿਕਾਰ ਹੋਵੇਗਾ। ਪੁਰਾਣੀ ਪੈਨਸ਼ਨ ਸਕੀਮ ਸਾਲ 2004 ’ਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ ਪਰ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ। ਇਕ ਹੋਰ ਫੈਸਲੇ ’ਚ ਕੈਬਨਿਟ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ (ਡੀ ਏ) ਦੇਣ ਦਾ ਫੈਸਲਾ ਕੀਤਾ ਹੈ। ਕੈਬਨਿਟ ਨੇ ਧਾਰਮਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ, ਨੌਕਰੀਆਂ ’ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ’ਚ ਬਦਲਾਅ ਕਰਨ ਅਤੇ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਬਾਰੇ ਵੀ ਫੈਸਲੇ ਕੀਤੇ।





