ਮਾਨ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਾਉਣ ਲਈ ਰਾਜ਼ੀ

0
256

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ |
ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ | ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ | ਉਨ੍ਹਾ ਡੀ ਜੀ ਪੀ ਪੰਜਾਬ ਪੁਲਸ ਨੂੰ ਇਸ ਘਟਨਾ ਬਾਰੇ ਆਪਣੀ ਐਤਵਾਰ ਦੀ ਪ੍ਰੈੱਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ ਹੈ |
ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ |
ਉਹਨਾ ਕਿਹਾ ਕਿ ਉਨ੍ਹਾ ਪੁਲਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ |
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ |
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਦੁਖਦਾਈ ਅਤੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਇੱਕ ਪ੍ਰਸਿੱਧ ਚਿਹਰਾ ਅਤੇ ਸੱਭਿਆਚਾਰ ਦਾ ਪ੍ਰਤੀਕ ਸੀ | ਉਹਨਾ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਵਾਰ ਦੇ ਨਾਲ ਖੜੀ ਹੈ |
ਉਨ੍ਹਾ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪੀੜਤ ਪਰਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ |

LEAVE A REPLY

Please enter your comment!
Please enter your name here