ਲਿਫਾਫੇ ਦੀ ਥਾਂ ਟਵਿੱਟਰ ਨਾਲ ਐਲਾਨੀ ਧਾਮੀ ਦੀ ਉਮੀਦਵਾਰੀ

0
384

ਅੰਮਿ੍ਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼ੁੱਕਰਵਾਰ ਮੁੜ ਪਾਰਟੀ ਉਮੀਦਵਾਰ ਵਜੋਂ ਖੜ੍ਹੇ ਕਰਨ ਦਾ ਫੈਸਲਾ ਕੀਤਾ | ਇਸ ਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ | ਉਨ੍ਹਾ ਇਸ ਸੰਬੰਧ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਟਵੀਟ ਨੂੰ ਸੋਸ਼ਲ ਮੀਡੀਆ ‘ਤੇ ਜਾਰੀ ਕੀਤਾ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕਰ ਚੁੱਕੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਰਟੀ ਵੱਲੋਂ ਲੀਹ ਤੋਂ ਹਟ ਕੇ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ | ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਲੇ ਦਿਨ ਹੀ ਜਨਰਲ ਇਜਲਾਸ ਦੌਰਾਨ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਂਦਾ ਸੀ | ਪਾਰਟੀ ਵੱਲੋਂ ਇਸ ਸੰਬੰਧੀ ਲਿਫਾਫੇ ਵਿਚ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸੂਚੀ ਭੇਜੀ ਜਾਂਦੀ ਸੀ, ਜਿਸ ਦਾ ਮੌਕੇ ‘ਤੇ ਹੀ ਐਲਾਨ ਕੀਤਾ ਜਾਂਦਾ ਸੀ, ਪਰ ਇਸ ਵਾਰ ਬੀਬੀ ਜਗੀਰ ਕੌਰ ਨਾਲ ਚੱਲ ਰਹੀ ਖਿੱਚੋਤਾਣ ਦਰਮਿਆਨ ਪਹਿਲੀ ਵਾਰ ਪਾਰਟੀ ਉਮੀਦਵਾਰ ਦਾ ਐਲਾਨ ਚੋਣ ਤੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਗਿਆਰਾਂ ਮੈਂਬਰੀ ਅੰਤਿ੍ੰਗ ਕਮੇਟੀ ਦੇ ਮੈਂਬਰਾਂ ਵਾਸਤੇ ਚੋਣ 9 ਨਵੰਬਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗੀ |
ਸੁਖਬੀਰ ਨੇ ਬੀਬੀ ਜਗੀਰ ਕੌਰ ਨੂੰ ਪੁਰਾਣਾ ਤੇ ਬਹੁਤ ਸੀਨੀਅਰ ਲੀਡਰ ਦੱਸਦਿਆਂ ਬੇਨਤੀ ਕੀਤੀ ਹੈ ਕਿ ਉਹ ਪਾਰਟੀ ਦੇ ਫੈਸਲੇ ਦੀ ਹਮਾਇਤ ਕਰਦਿਆਂ ਆਪਣਾ ਨਾਂ ਵਾਪਸ ਲੈ ਲੈਣ |

LEAVE A REPLY

Please enter your comment!
Please enter your name here