ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਖਣਨ ਲੀਜ਼ ਮਾਮਲੇ ਦੀ ਜਾਂਚ ਨਾਲ ਜੁੜੀਆਂ ਪਟੀਸ਼ਨਾਂ ਨੂੰ ਸੁਣਵਾਈ ਯੋਗ ਦੱਸਣ ਵਾਲੇ ਹਾਈ ਕੋਰਟ ਦੇ ਫੈਸਲੇ ਖਿਲਾਫ ਦਾਖਲ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੇ ਸੂਬਾ ਸਰਕਾਰ ਦੀਆਂ ਪਟੀਸ਼ਨਾਂ ਨੂੰ ਸਵੀਕਾਰ ਕਰਦਿਆਂ ਝਾਰਖੰਡ ਹਾਈ ਕੋਰਟ ਦੇ 3 ਜੂਨ ਦੇ ਹੁਕਮਾਂ ਨੂੰ ਖਾਰਜ ਕਰ ਦਿੱਤਾ ਹੈ | ਚੀਫ ਜਸਟਿਸ ਯੂ ਯੂ ਲਲਿਤ ਅਤੇ ਜਸਟਿਸ ਐੱਸ ਆਰ ਭੱਟ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਖਿਲਾਫ ਦਾਇਰ ਝਾਰਖੰਡ ਸਰਕਾਰ ਤੇ ਸੋਰੇਨ ਦੀਆਂ ਵੱਖ-ਵੱਖ ਪਟੀਸ਼ਨਾਂ ‘ਤੇ 17 ਅਗਸਤ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਸੋਰੇਨ ਖਿਲਾਫ ਜਾਂਚ ਦੀ ਅਪੀਲ ਕਰਨ ਵਾਲੀ ਜਨਹਿਤ ਪਟੀਸ਼ਨ ‘ਤੇ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ | ਮੁੱਖ ਮੰਤਰੀ ਸੋਰੇਨ ਨੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਕੀਤੇ ਟਵੀਟ ‘ਚ ਇਸ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ ਹੈ | ਸੋਰੇਨ ‘ਤੇ ਸੂਬੇ ਦਾ ਖਣਨ ਮੰਤਰੀ ਹੁੰਦਿਆਂ ਖੁਦ ਨੂੰ ਹੀ ਖਣਨ ਲੀਜ਼ ਅਲਾਟ ਕਰਨ ਦਾ ਦੋਸ਼ ਹੈ |





