ਆਨੰਦ ਮੈਰਿਜ ਐਕਟ ਲਾਗੂ ਕਰਾਂਗੇ : ਮਾਨ

0
258

ਸ੍ਰੀ ਅਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ਵਿੱਚ ਨੋਟੀਫਾਈ ਕੀਤਾ ਗਿਆ ਸੀ, ਪਰ ਉਦੋਂ ਤੋਂ ਇਹ ਲਟਕ ਰਿਹਾ ਹੈ | ਉਨ੍ਹਾ ਕਿਹਾ ਕਿ ਭਾਵੇਂ ਕਈ ਹੋਰ ਰਾਜ ਪਹਿਲਾਂ ਹੀ ਇਸ ਐਕਟ ਨੂੰ ਲਾਗੂ ਕਰ ਚੁੱਕੇ ਹਨ, ਪਰ ਪੰਜਾਬ ਇਸ ਤੋਂ ਪਛੜ ਗਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਨੂੰ ਹੁਣ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਵੇਗਾ | ਮੁੱਖ ਮੰਤਰੀ ਤਖਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਹਰ ਲੰਘਦੇ ਦਿਨ ਨਾਲ ਜ਼ਿਆਦਾ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ | ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸੰਗਤ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ | ਮਾਨ ਨੇ ਕਿਹਾ ਕਿ ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ, ਤਾਂ ਕਿ ਦੁਖੀ ਮਨੁੱਖਤਾ ਨੂੰ ਤਕਲੀਫਾਂ ਤੋਂ ਮੁਕਤ ਕਰਵਾਇਆ ਜਾ ਸਕੇ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਅਤੇ ਜਗਿਆਸਾਵਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਫਰੇਬ ਅਤੇ ਜਾਤ-ਪਾਤ ਦੀਆਂ ਬੁਰਾਈਆਂ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ | ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਅਪਨਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਮੁੱਲੀ ਵਿਰਾਸਤ ‘ਤੇ ਚੱਲਦਿਆਂ ਸ਼ਾਂਤਮਈ, ਖੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਤਨਦੇਹੀ ਨਾਲ ਯਤਨ ਕਰਨ | ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੀ ਸ਼ਰਧਾ ਅਤੇ ਲਗਨ ਨਾਲ ਮਨਾਉਣ ਦਾ ਸੱਦਾ ਦਿੱਤਾ | ਉਨ੍ਹਾ ਕਿਹਾ ਕਿ ਆਪਣੀਆਂ ਉਦਾਸੀਆਂ ਕਾਰਨ ਸੰਸਾਰ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰੇ ਜਾਂਦੇ ਗੁਰੂ ਨਾਨਕ ਦੇਵ ਜੀ ਨੇ ਫਿਰਕੂ ਸਾਂਝ ਅਤੇ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਦਾ ਪ੍ਰਚਾਰ ਕੀਤਾ |
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਸਮੇਂ ਜ਼ੁਲਮ, ਅਨਿਆਂ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ | ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ ਹੈ |
ਗੁਰੂ ਜੀ ਦੀ ਦੂਰਅੰਦੇਸ਼ ਸੋਚ ਦਾ ਪਤਾ ਇਸ ਗੱਲੋਂ ਲੱਗਦਾ ਹੈ ਕਿ ਉਨ੍ਹਾ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਹਵਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਰੀ ਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਪੱਕੇ ਪੈਰੋਕਾਰ ਸਨ |

LEAVE A REPLY

Please enter your comment!
Please enter your name here