ਅੰਮਿ੍ਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹਾ ਕਰਦਿਆਂ ਸਿੱਖ ਰਾਜਸੀ ਕੈਦੀਆਂ ਨੂੰ ਵੀ ਰਿਹਾਅ ਕੀਤਾ ਜਾਵੇ | ਸਰਕਾਰਾਂ ਵੱਲੋਂ ਸਿੱਖਾਂ ਲਈ ਅਪਣਾਈ ਜਾ ਰਹੀ ਵਿਤਕਰੇ ਭਰੀ ਨੀਤੀ ਇਸ ਫੈਸਲੇ ਨਾਲ ਇਕ ਵਾਰ ਫਿਰ ਉੱਭਰ ਕੇ ਸਾਹਮਣੇ ਆਈ ਹੈ | ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿਚ ਤਿੰਨ ਦਹਾਕਿਆਂ ਤੋਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਕੌਮ ਵੱਲੋਂ ਲੰਮੇ ਅਰਸੇ ਤੋਂ ਆਵਾਜ਼ ਉਠਾਈ ਜਾ ਰਹੀ ਹੈ, ਪਰ ਸਰਕਾਰਾਂ ਦੀ ਚੁੱਪੀ ਕਈ ਪ੍ਰਕਾਰ ਦੇ ਸ਼ੰਕੇ ਪ੍ਰਗਟ ਕਰਦੀ ਹੈ |
ਉਨ੍ਹਾ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਕਤਲ, ਬਲਾਤਕਾਰ ਆਦਿ ਜਿਹੇ ਸੰਗੀਨ ਦੋਸ਼ਾਂ ਵਾਲੇ ਕੈਦੀਆਂ ‘ਤੇ ਸਰਕਾਰਾਂ ਮਿਹਰਬਾਨ ਹਨ, ਪਰ ਸਿੱਖ ਬੰਦੀਆਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ | ਇੱਥੋਂ ਤੱਕ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਕ ਸਹਿਮਤੀ ਦੇਣ ਨਾਲ ਸੰਭਵ ਹੋ ਸਕਦੀ ਹੈ, ਪਰ ਉਥੋਂ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ | ਇਸੇ ਤਰ੍ਹਾਂ ਸ. ਗੁਰਦੀਪ ਸਿੰਘ ਖੈੜਾ ਦੀ ਰਿਹਾਈ ਦਾ ਮਾਮਲਾ ਕਰਨਾਟਕਾ ਸਰਕਾਰ ਕੋਲ ਵਿਚਾਰ ਅਧੀਨ ਹੈ | ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਸਪੱਸ਼ਟ ਹਦਾਇਤ ਦੇ ਬਾਵਜੂਦ ਸਰਕਾਰਾਂ ਟਾਲ-ਮਟੋਲ ਅਤੇ ਵਿਰੋਧ ਵਾਲੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਰਾਜੀਵ ਗਾਂਧੀ ਕਤਲ ਕੇਸ ਵਿਚ ਸ਼ਾਮਲ ਦੋਸ਼ੀਆਂ ਦੀ ਰਿਹਾਈ ਲਈ ਤਾਮਿਲਨਾਡੂ ਸੂਬੇ ਦੀ ਸਰਕਾਰ ਸਿਫਾਰਸ਼ ਕਰ ਸਕਦੀ ਹੈ | ਬੰਦੀ ਸਿੰਘਾਂ ਦੀ ਰਿਹਾਈ ਤਾਂ ਸਜ਼ਾਵਾਂ ਪੂਰੀਆਂ ਹੋਣ ਨਾਲ ਵੀ ਜੁੜੀ ਹੋਈ ਹੈ, ਜਦ ਕਿ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਗਈ ਹੈ | ਇਹ ਵਿਤਕਰਾ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਬਾਰੇ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ |



