ਭਗਤ ਸਿੰਘ, ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮਾਨ

0
305

ਸਰਾਭਾ/ਜਗਰਾਉਂ (ਨਛੱਤਰ ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ | ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਨਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸ਼ੋਭਾ ਹੋਰ ਵਧੇਗੀ | ਉਨ੍ਹਾ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ, ਕਿਉਂਕਿ ਉਨ੍ਹਾਂ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ | ਉਨ੍ਹਾ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿੱਤਾ ਜਾਵੇ | ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਉਤੇ ਰੱਖਿਆ ਗਿਆ | ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸੰਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਉਹਨਾ ਕਿਹਾ ਕਿ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਦੇ ਨਾਂਅ ਸ਼ਹੀਦਾਂ ਦੇ ਨਾਂਅ ਉਤੇ ਰੱਖਣਾ ਸ਼ਹੀਦਾਂ ਦੀ ਵਿਰਾਸਤ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਲਈ ਕਾਫ਼ੀ ਅਹਿਮ ਹੈ |
ਉਹਨਾ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਾਰਜ ਜਲਦੀ ਪੂਰਾ ਕਰੇਗੀ | ਤਕਰੀਬਨ 161 ਏਕੜ ਰਕਬੇ ਵਿੱਚ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਕਾਰਜ ਨੂੰ ਮੁਕੰਮਲ ਕੀਤਾ ਜਾਵੇਗਾ | ਇਸ ਪ੍ਰਾਜੈਕਟ ਨਾਲ ਪੰਜਾਬ ਦੀ ਏਅਰ ਕੁਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਸਮਾਂ ਤੇ ਪੈਸਾ ਬਚੇਗਾ ਤੇ ਯਾਤਰੀਆਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ | ਉਨ੍ਹਾ ਉਮੀਦ ਪ੍ਰਗਟਾਈ ਕਿ ਇਸ ਸਿਵਲ ਏਅਰ ਟਰਮੀਨਲ ਨਾਲ ਸੂਬੇ ਖ਼ਾਸ ਕਰ ਕੇ ਲੁਧਿਆਣਾ ਜ਼ਿਲ੍ਹੇ ਦੀ ਆਰਥਕ ਤਰੱਕੀ ਨੂੰ ਵੱਡਾ ਹੁਲਾਰਾ ਮਿਲੇਗਾ | ਇਸ ਨਾਲ ਜਿੱਥੇ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ, ਉਥੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਉਹਨਾ ਪਿੰਡ ਸਰਾਭਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਤਾਂ ਕਿ ਨੌਜਵਾਨਾਂ ਦੀ ਬੇਮਿਸਾਲ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾ ਸਕੇ | ਉਨ੍ਹਾ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਸ ਦਿਸ਼ਾ ਵਿਚ ਸਾਰਥਕ ਉਪਰਾਲਾ ਹੈ ਅਤੇ ਇਹ ਖੇਡਾਂ ਵੀਰਵਾਰ ਨੂੰ ਲੁਧਿਆਣਾ ਵਿਖੇ ਖ਼ਤਮ ਹੋ ਰਹੀਆਂ ਹਨ |
ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹੀ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |

LEAVE A REPLY

Please enter your comment!
Please enter your name here