ਸਹਾਇਕ ਪ੍ਰੋਫੈਸਰਾਂ ਦੀਆਂ 645 ਅਸਾਮੀਆਂ ਭਰਨ ਦੀ ਮਨਜ਼ੂਰੀ

0
308

ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਸ਼ੁੱਕਰਵਾਰ ਸਹਿਮਤੀ ਦਿੱਤੀ | ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ 16 ਸਰਕਾਰੀ ਕਾਲਜਾਂ ਵਿੱਚ ਟੀਚਿੰਗ ਸਟਾਫ਼ ਦੀ ਘਾਟ ਦੂਰ ਕਰਨ ਲਈ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਰਾਹੀਂ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ | ਇਹ ਆਸਾਮੀਆਂ ਯੂ.ਜੀ.ਸੀ. ਰੈਗੂਲੇਸ਼ਨ 2018 ਤੇ ਸੂਬਾ ਸਰਕਾਰ ਵੱਲੋਂ ਜਾਰੀ ਕਾਲਜਾਂ ਤੇ ਯੂਨੀਵਰਸਿਟੀ ਅਧਿਆਪਕਾਂ ਲਈ ਯੂ.ਜੀ.ਸੀ. ਤਨਖ਼ਾਹ ਸਕੇਲਾਂ ਦੇ ਨੋਟੀਫਿਕੇਸ਼ਨ ਮੁਤਾਬਕ ਭਰੀਆਂ ਜਾਣਗੀਆਂ |
ਸਰਕਾਰੀ ਕਾਲਜਾਂ ‘ਚ ਪਿ੍ੰਸੀਪਲਾਂ ਦੀ ਭਰਤੀ ਲਈ ਉਮਰ ਹੱਦ 45 ਤੋਂ ਵਧਾ ਕੇ 53 ਸਾਲ ਕਰਨ ਦੀ ਪ੍ਰਵਾਨਗੀ
ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਪਿ੍ੰਸੀਪਲਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 45 ਤੋਂ ਵਧਾ ਕੇ 53 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਤਾਂ ਕਿ ਸਹਾਇਕ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ 53 ਸਾਲ ਦੀ ਉਮਰ ਤੱਕ ਇਨ੍ਹਾਂ ਆਸਾਮੀਆਂ ਲਈ ਬਿਨੈ ਕਰਨ ਦੇ ਯੋਗ ਬਣਾਇਆ ਜਾ ਸਕੇ | ਇਹ ਆਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਰਾਹੀਂ ਭਰੀਆਂ ਜਾਣਗੀਆਂ |
ਗਊਸ਼ਾਲਾਵਾਂ ਦੇ ਬਕਾਏ ਮੁਆਫ਼
ਕੈਬਨਿਟ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ | ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ | ਇਸ ਕੰਮ ਲਈ ਪੀ.ਐੱਸ.ਪੀ.ਸੀ.ਐੱਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ |
ਨਾਗਰਿਕ ਆਧਾਰਤ ਤੇ ਅਗਾਂਹਵਧੂ ਸ਼ਾਸਨ ਪ੍ਰਬੰਧ ਕਾਇਮ ਕਰਨ ਦੇ ਮੰਤਵ ਨਾਲ ਇਕ ਮਿਸਾਲੀ ਪਹਿਲਕਦਮੀ ਵਿੱਚ ਕੈਬਨਿਟ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੇ ਆਈਡੀਇਨਸਾਈਟਸ ਇੰਡੀਆ ਪ੍ਰਾਈਵੇਟ ਲਿਮਟਿਡ ਵਿਚਾਲੇ ਸਮਝੌਤਾ ਸਹੀਬੱਧ ਕਰਨ ਦੀ ਸਹਿਮਤੀ ਦਿੱਤੀ | ਇਸ ਸਮਝੌਤੇ ਰਾਹੀਂ ਬਿਹਤਰ ਪ੍ਰਸ਼ਾਸਨ ਦੇਣ ਲਈ ਡੇਟਾ ਤੇ ਪ੍ਰਮਾਣਾਂ ਦੀ ਵਰਤੋਂ ਸੰਬੰਧੀ ਸਰਕਾਰੀ ਸਮਰਥਾਵਾਂ ਵਿੱਚ ਵਾਧਾ ਕਰਨ ਲਈ ਮਾਹਿਰਾਂ ਦੀਆਂ ਸੇਵਾਵਾਂ ਮੁਫ਼ਤ ਵਿੱਚ ਲੈਣ ਲਈ ਸਰਕਾਰ ਤੇ ਆਈਡੀਇਨਸਾਈਟਸ ਇੰਡੀਆ ਨਾਲ ਸਹਿਯੋਗ ਕਰੇਗੀ | ਇਸ ਕਦਮ ਨਾਲ ਸੂਬਾ ਸਰਕਾਰ ਨੂੰ ਨਾਗਰਿਕ ਆਧਾਰਤ ਤੇ ਅਗਾਂਹਵਧੂ ਸ਼ਾਸਨ ਪ੍ਰਬੰਧ ਸਥਾਪਤ ਕਰਨ ਲਈ ਪੇਸ਼ੇਵਰ ਮਾਹਿਰਾਂ ਦੀਆਂ ਸੇਵਾਵਾਂ ਮਿਲਣਗੀਆਂ |
ਪੰਜਾਬ ਈ-ਸਟੈਂਪ ਨਿਯਮ ‘ਚ ਸੋਧ ਨੂੰ ਹਰੀ ਝੰਡੀ
ਕੈਬਨਿਟ ਨੇ 500 ਰੁਪਏ ਤੱਕ ਦੇ ਆਨਲਾਈਨ ਈ-ਅਸ਼ਟਾਮ ਸ਼ੁਰੂ ਕਰਨ ਲਈ ਪੰਜਾਬ ਈ-ਸਟੈਂਪ ਰੂਲਜ਼, 2014 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ | ਹੋਰ ਰਾਜਾਂ ਵਿੱਚ ਈ-ਅਸ਼ਟਾਮ ਦਾ ਬਦਲ ਸਫ਼ਲਤਾ-ਪੂਰਵਕ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਇਸ ਲਈ ਸਾਦੇ ਕਾਗਜ਼ ਉਤੇ ਈ-ਅਸ਼ਟਾਮ ਸਰਟੀਫਿਕੇਟ ਦਾ ਪਿ੍ੰਟ ਵੀ ਲਿਆ ਜਾ ਸਕਦਾ ਹੈ | ਆਫਲਾਈਨ ਬਦਲ ਵਾਂਗ ਆਨਲਾਈਨ ਅਸ਼ਟਾਮ ਵਿੱਚ ਵੀ 2ਡੀ ਬਾਰਕੋਡ ਤੇ ਇਕ ਯੂ.ਐੱਮ. ਹੋਵੇਗਾ ਤਾਂ ਕਿ ਅਸ਼ਟਾਮ ਪੇਪਰ ਦੀ ਸੁਰੱਖਿਆ ਸੰਬੰਧੀ ਕੋਈ ਮਸਲਾ ਖੜ੍ਹਾ ਨਾ ਹੋਵੇ | ਇਸ ਲਈ ਪੰਜਾਬ ਦੇ ਲੋਕਾਂ ਦੀ ਸਹੂਲਤ ਵਾਸਤੇ ਈ-ਅਸ਼ਟਾਮ ਸਰਟੀਫਿਕੇਟ ਦਾ ਆਨਲਾਈਨ ਬਦਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ | ਹੁਣ ਪੰਜਾਬ ਵਾਸੀ ਆਨਲਾਈਨ ਮਾਧਿਅਮ ਰਾਹੀਂ 500 ਰੁਪਏ ਤੱਕ ਦੇ ਈ-ਅਸ਼ਟਾਮ ਸਰਟੀਫਿਕੇਟ ਹਾਸਲ ਕਰ ਸਕਣਗੇ |
ਐੱਨ.ਆਰ.ਆਈ. ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਪ੍ਰਵਾਨ ਪੰਜਾਬ ਕੈਬਨਿਟ ਨੇ ਐਨ.ਆਰ.ਆਈ. ਵਿਭਾਗ ਦੀਆਂ ਸਾਲ 2015-16, 2016-17, 2017-18, 2018-19, 2019-20 ਅਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਵੀ ਮਨਜ਼ੂਰ ਕਰ ਲਈਆਂ |
ਇਸੇ ਤਰ੍ਹਾਂ ਆਰਥਿਕ ਨੀਤੀ ਤੇ ਯੋਜਨਾ ਬੋਰਡ ਪੰਜਾਬ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਕਰਨ ਵਾਸਤੇ ਕੈਬਨਿਟ ਨੇ ਰਾਜਿੰਦਰ ਗੁਪਤਾ, ਅੰਮਿ੍ਤ ਸਾਗਰ ਮਿੱਤਲ ਤੇ ਸੁਨੀਲ ਗੁਪਤਾ ਨੂੰ ਬੋਰਡ ਵਿੱਚ ਕੈਬਨਿਟ ਰੈਂਕ ਨਾਲ ਵਾਈਸ ਚੇਅਰਮੈਨ ਨਿਯੁਕਤ ਕਰਨ ਦੀ ਕਾਰਜਬਾਅਦ ਪ੍ਰਵਾਨਗੀ ਦਿੱਤੀ | ਕੈਬਨਿਟ ਨੇ ਇਨ੍ਹਾਂ ਨਿਯੁਕਤੀਆਂ ਦੀਆਂ ਸ਼ਰਤਾਂ, ਤਨਖ਼ਾਹਾਂ ਤੇ ਭੱਤਿਆਂ ਨੂੰ ਵੀ ਮਨਜ਼ੂਰ ਕਰ ਲਿਆ | ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਡਿਪਟੀ ਕਮਿਸ਼ਨਰ ਦਫ਼ਤਰ, ਮਾਲੇਰਕੋਟਲਾ ਵਿੱਚ ਨਾਇਬ ਤਹਿਸੀਲਦਾਰ (ਖੇਤੀਬਾੜੀ), ਸਦਰ ਕਾਨੂੰਨਗੋ ਤੇ ਨਾਇਬ ਸਦਰ ਕਾਨੂੰਨਗੋ ਦੀ ਇਕ-ਇਕ ਆਸਾਮੀ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ |
ਕੈਬਨਿਟ ਨੇ ਮਾਲ ਰਿਕਾਰਡ ਵਿੱਚ ਗੈਰ-ਕਾਸ਼ਤਯੋਗ ਮੰਤਵਾਂ ਲਈ ਜ਼ਮੀਨ ਐਕੁਆਇਰ ਕਰਨ ਲਈ ਜ਼ਮੀਨ ਦੀ ਵਰਤੋਂ ਬਦਲਣ ਵਾਸਤੇ ਫਾਰਮ ‘ਐਲ’ ਤੇ ਫਾਰਮ ‘ਐਮ’ ਲਾਗੂ ਕਰਨ ਲਈ ਪੰਜਾਬ ਭੌਂਅ ਸੁਧਾਰ ਨਿਯਮ, 1973 ਵਿੱਚ ਸੋਧ ਕਰਕੇ ਇਸ ਵਿੱਚ ਨਿਯਮ 6-ਏ ਜੋੜਨ ਦੀ ਇਜਾਜ਼ਤ ਦੇ ਦਿੱਤੀ |

LEAVE A REPLY

Please enter your comment!
Please enter your name here