35.5 C
Jalandhar
Saturday, April 20, 2024
spot_img

ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ

ਚੰਡੀਗੜ੍ਹ. (ਗੁਰਜੀਤ ਬਿੱਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ ਕਲਚਰ ਨੂੰ ਠੱਲ੍ਹ ਪਾਉਣ ਲਈ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਤੁਰੰਤ ਬਾਅਦ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਰਾਜ ਭਰ ‘ਚ ਬੰਦੂਕ ਘਰਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਆਧਾਰ ‘ਤੇ ਲਾਜ਼ਮੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ |
ਡੀ ਜੀ ਪੀ ਨੇ ਰਾਜ ਦੀਆਂ ਸਾਰੀਆਂ ਰੇਂਜਾਂ ਦੇ ਆਈ ਜੀ/ਡੀ ਆਈ ਜੀਜ਼ ਅਤੇ ਸਾਰੇ ਸੀ ਪੀਜ਼/ਐੱਸ ਐੱਸ ਪੀਜ਼ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਨਿਯਮ, 1934 ਦਾ ਨਿਯਮ 20.14 ਪੁਲਸ ਦੇ ਗਜ਼ਟਿਡ ਅਧਿਕਾਰੀਆਂ ਨੂੰ ਆਰਮਜ਼ ਐਕਟ ਅਧੀਨ ਹਰ ਤਿਮਾਹੀ ‘ਚ ਸਾਰੇ ਲਾਇਸੰਸਸ਼ੁਦਾ ਨਿਰਮਾਤਾਵਾਂ ਅਤੇ ਡੀਲਰਾਂ ਦੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਜਾਂਚ ਕਰਨ ਲਈ ਅਧਿਕਾਰਤ ਕਰਦਾ ਹੈ | ਯਾਦਵ ਨੇ ਸਾਰੇ ਸੀ ਪੀਜ਼/ਐੱਸ ਐੱਸ ਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਡੀ ਐੱਸ ਪੀਜ਼/ਏ ਸੀ ਪੀ ਹਰ ਤਿਮਾਹੀ ਵਿੱਚ ਆਪਣੀਆਂ ਸਬ ਡਵੀਜ਼ਨਾਂ ਵਿੱਚ ਪੈਂਦੇ ਸਾਰੇ ਗੰਨ ਹਾਊਸਾਂ, ਹਥਿਆਰਾਂ ਨਾਲ ਸੰਬੰਧਤ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਲਾਜ਼ਮੀ ਤੌਰ ‘ਤੇ ਜਾਂਚ ਕਰਨ | ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲਸ ਸੁਪਰਡੈਂਟ ਨੂੰ ਹਰ ਸਾਲ ਘੱਟੋ-ਘੱਟ ਇੱਕ ਵਾਰ ਨਿਰੀਖਣ ਕਰਨ ਦੀ ਵੀ ਹਦਾਇਤ ਕੀਤੀ ਹੈ |ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਰਤ ਦੀ ਕੁੱਲ ਆਬਾਦੀ ਦਾ ਸਿਰਫ਼ 2 ਫੀਸਦ ਮੌਜੂਦ ਹੈ, ਪਰ ਪੰਜਾਬ ਵਿਚ ਕੁੱਲ ਲਾਇਸੈਂਸਸ਼ੁਦਾ ਹਥਿਆਰਾਂ ਦਾ ਲੱਗਭੱਗ 10 ਫੀਸਦ ਮੌਜੂਦ ਹੈ, ਜੋ ਲੱਗਭੱਗ 4 ਲੱਖ ਦੇ ਕਰੀਬ ਬਣਦਾ ਹੈ, ਜਾਂ ਪੰਜਾਬ ਵਿੱਚ ਹਰ 1,000 ਵਿਅਕਤੀਆਂ ਪਿੱਛੇ 13 ਬੰਦੂਕਾਂ ਦੇ ਲਾਇਸੈਂਸ ਹਨ |
ਯੂ ਪੀ, ਬਿਹਾਰ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਤੋਂ ਅੰਤਰਰਾਸ਼ਟਰੀ ਸਰਹੱਦ ਅਤੇ ਅੰਤਰ-ਰਾਜੀ ਸਰਹੱਦਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਆਮਦ ਹੁੰਦੀ ਹੈ | ਭਾਵੇਂ ਹਥਿਆਰ ਗੈਰ-ਕਾਨੂੰਨੀ ਤੌਰ ‘ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਖਰੀਦੇ ਜਾਂਦੇ ਹਨ, ਗੋਲੀ-ਸਿੱਕਾ ਜ਼ਿਆਦਾਤਰ ਪੰਜਾਬ ਦੇ ਸਥਾਨਕ ਗੰਨ ਹਾਊਸਾਂ ਤੋਂ ਲਿਆ ਜਾਂਦਾ ਹੈ |
ਡੀ ਜੀ ਪੀ ਨੇ ਕਿਹਾ ਕਿ ਗਜ਼ਟਿਡ ਪੁਲਸ ਅਧਿਕਾਰੀਆਂ ਦੁਆਰਾ ਗੰਨ ਹਾਊਸਾਂ ਦੀ ਜਾਂਚ ਦੇ ਬੁਨਿਆਦੀ ਪੁਲਸ ਅਭਿਆਸ ਨੂੰ ਲਾਗੂ ਕਰਨ ਦੀ ਫੌਰੀ ਲੋੜ ਹੈ, ਜਿਸ ਲਈ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਸਮਰੱਥ ਕੀਤਾ ਗਿਆ ਹੈ, ਤਾਂ ਜੋ ਸਟਾਕ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਗੋਲੀ ਸਿੱਕੇ ਦੀ ਅਣ-ਅਧਿਕਾਰਤ ਫ਼ਰੋਖ਼ਤ ਅਤੇ ਲਾਇਸੰਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ | ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸੂਬੇ ਦੇ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਇਹ ਵੀ ਆਦੇਸ਼ ਦਿੱਤੇ ਸਨ ਕਿ ਜੇਕਰ ਪਿਛਲੇ ਸਮੇਂ ਦੌਰਾਨ ਕਿਸੇ ਸਮਾਜ ਵਿਰੋਧੀ ਅਨਸਰ ਨੂੰ ਲਾਇਸੈਂਸ ਜਾਰੀ ਕੀਤਾ ਗਿਆ ਹੈ ਤਾਂ ਉਸ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇ | ਇਸੇ ਤਰ੍ਹਾਂ ਇਹ ਵੀ ਹੁਕਮ ਦਿੱਤਾ ਗਿਆ ਸੀ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਕੋਈ ਨਵਾਂ ਲਾਇਸੈਂਸ ਆਮ ਤੌਰ ‘ਤੇ ਜਾਰੀ ਨਾ ਕੀਤਾ ਜਾਵੇ ਅਤੇ ਇਹ ਵੀ ਕਿਹਾ ਗਿਆ ਕਿ ਲਾਇਸੈਂਸ ਸਿਰਫ ਉੱਥੇ ਹੀ ਜਾਰੀ ਕੀਤਾ ਜਾਣਾ ਚਾਹੀਦਾ ਹੈ, ਜਿੱਥੇ ਇਸ ਦੀ ਬਹੁਤ ਜ਼ਿਆਦਾ ਅਤੇ ਦਰਅਸਲ ਲੋੜ ਹੋਵੇ | ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਸਮੇਤ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਜਨਤਕ ਪ੍ਰਦਰਸ਼ਨੀ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ | ਇਸ ਦੌਰਾਨ ਸੀ ਪੀਜ਼/ਐੱਸ ਐੱਸ ਪੀਜ਼ ਨੂੰ ਪ੍ਰੋਵੀਜ਼ਨਿੰਗ ਵਿੰਗ ਦੀ ਆਰਮਾਮੈਂਟ ਸ਼ਾਖਾ ਨੂੰ ਜ਼ਿਲ੍ਹਾ-ਵਾਰੀ ਤਿਮਾਹੀ ਰਿਪੋਰਟਾਂ ਭੇਜਣ ਲਈ ਵੀ ਕਿਹਾ ਗਿਆ ਹੈ, ਜਦਕਿ ਸਾਰੇ ਰੇਂਜ ਆਈ ਜੀ ਪੀ ਐੱਸ/ਡੀ ਆਈ ਜੀਜ਼ ਨੂੰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ |

Related Articles

LEAVE A REPLY

Please enter your comment!
Please enter your name here

Latest Articles