32.8 C
Jalandhar
Thursday, April 25, 2024
spot_img

ਵਾਅਦਾ-ਖਿਲਾਫੀ ਤੋਂ ਸਤੇ ਹਜ਼ਾਰਾਂ ਮਜ਼ਦੂਰ 30 ਨੂੰ ਖੜਕਾਉਣਗੇ ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ

ਚੰਡੀਗੜ੍ਹ. ਮੁੱਖ ਮੰਤਰੀ ਦੀ ਵਾਅਦਾ-ਖਿਲਾਫੀ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 30 ਨਵੰਬਰ ਨੂੰ ਸੰਗਰੂਰ ਵਿਖੇ ਭਗਵੰਤ ਦੀ ਕੋਠੀ ਦਾ ਕੁੰਡਾ ਖੜਕਾਓ ਐਕਸ਼ਨ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ‘ਚ ਲਾਮਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਪ੍ਰਬੰਧਕੀ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਫੈਸਲੇ ਲਏ ਗਏ | ਖੇਤ ਮਜ਼ਦੂਰ ਸਭਾ ਪੰਜਾਬ ਦੇ ਪ੍ਰਮੁੱਖ ਆਗੂ ਗੁਲਜ਼ਾਰ ਗੌਰੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਪ੍ਰਗਟ ਸਿੰਘ ਕਾਲਾਝਾੜ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਬਲਵੀਰ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਹਾਜ਼ਰ ਹੋਏ | ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਸੇਵੇਵਾਲਾ ਨੇ ਮੀਟਿੰਗ ‘ਚ ਪੁੱਜੀਆਂ ਰਿਪੋਰਟਾਂ ਦੇ ਅਧਾਰ ‘ਤੇ ਦੱਸਿਆ ਕਿ 30 ਨਵੰਬਰ ਨੂੰ ਹਜ਼ਾਰਾਂ ਮਜ਼ਦੂਰ ਮਰਦ ਔਰਤਾਂ ਵਹੀਰਾਂ ਘੱਤ ਕੇ ਸੰਗਰੂਰ ਪਹੁੰਚ ਕੇ ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਉਣਗੇ | ਮੀਟਿੰਗ ‘ਚ ਹਾਜ਼ਰ ਸਭਨਾਂ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 6 ਅਕਤੂਬਰ ਦੀ ਮੀਟਿੰਗ ‘ਚ ਪ੍ਰਵਾਨ ਕੀਤੀਆਂ ਮੰਗਾਂ ਉੱਪਰ ਕੋਈ ਅਮਲ ਨਾ ਹੋਣ ਕਾਰਨ ਮਜ਼ਦੂਰ ਵਰਗ ‘ਚ ਆਪ ਸਰਕਾਰ ਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਉਹਨਾਂ ਆਪਣੀਆਂ ਮੰਗਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਠੇਕੇ ‘ਤੇ ਦੇਣ, ਗੁਲਾਬੀ ਸੁੰਡੀ ਕਾਰਨ ਖਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਕਰਜ਼ੇ ਮੁਆਫ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ, ਪੈਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ, ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਦਲਿਤਾਂ ‘ਤੇ ਜਬਰ ਬੰਦ ਕਰਨ ਆਦਿ ਮੰਗਾਂ ਸ਼ਾਮਲ ਹਨ | ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਵਿਹਲੜ ਤੇ ਜਾਮ ਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੱਸਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਆਮ ਲੋਕਾਂ ਨੂੰ ਮਜਬੂਰੀਵੱਸ ਸੰਘਰਸ਼ਸ਼ੀਲ ਲੋਕਾਂ ਖਿਲਾਫ ਭੜਕਾਉਣ ਦੀ ਕੋਝੀ ਰਾਜਨੀਤੀ ਕਰ ਰਹੇ ਹਨ |ਮੀਟਿੰਗ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਵਿਖੇ ਸਾਬਕਾ ਪੁਲਸ ਅਧਿਕਾਰੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਮਾਰੇ ਗਏ ਨੌਜਵਾਨ ਮਜ਼ਦੂਰ ਤੋਂ ਇਲਾਵਾ ਜ਼ਖਮੀ ਮਜ਼ਦੂਰਾਂ ਦੇ ਵਾਰਸਾਂ ਨੂੰ ਹਾਦਸੇ ਦੇ ਨੌਂ ਦਿਨ ਬੀਤਣ ਬਾਅਦ ਵੀ ਸਰਕਾਰ ਵੱਲੋਂ ਕੋਈ ਰਾਹਤ ਨਾ ਦੇਣ ਅਤੇ ਨਾ ਹੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਾਲੇ ਅਣਮਨੁੱਖੀ ਰਵੱਈਏ ਦੀ ਸਖਤ ਨਿੰਦਾ ਕਰਦਿਆਂ ਪੀੜਤਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ |

Related Articles

LEAVE A REPLY

Please enter your comment!
Please enter your name here

Latest Articles