ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਪਿਮਸ) ਵਿਚ ਕਰਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ, ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ | ਮੁੱਖ ਮੰਤਰੀ ਨੇ ਇੱਥੇ ਪਿਮਸ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ ਨੂੰ ਚੱਲਣ ਨਹੀਂ ਦੇ ਸਕਦੀ | ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ | ਉਨ੍ਹਾ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ | ਮਾਨ ਨੇ ਕਿਹਾ ਕਿ ਇਨ੍ਹਾਂ ਖਾਮੀਆਂ ਅਤੇ ਗਬਨ ਲਈ ਜ਼ਿੰੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ | ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਉਹਨਾ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਉਨ੍ਹਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ, ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਖੇਤਰ ਦੇ ਕੇਂਦਰ ਵਿੱਚ ਸਥਿਤ ਇਹ ਸੰਸਥਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ | ਮਾਨ ਨੇ ਕਿਹਾ ਕਿ ਇਹ ਸੰਸਥਾ ਪਹਿਲਾਂ ਹੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਕਾਰਨ ਇਸ ਨੂੰ ਵਿਸ਼ਵ ਪੱਧਰੀ ਮੈਡੀਕਲ ਸੰਸਥਾ ਵਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣਗੇ | ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜਲਦੀ ਹੀ ਇਸ ਸੰਸਥਾ ਨੂੰ ਸੁਰਜੀਤ ਕਰਨ ਲਈ ਵਿਸਥਾਰਤ ਖਾਕਾ ਤਿਆਰ ਕੀਤਾ ਜਾਵੇਗਾ | ਉਹਨਾ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾ ਦੀ ਸਰਕਾਰ ਦਿ੍ੜ੍ਹ ਵਚਨਬੱਧ ਹੈ ਅਤੇ ਇਸ ਸੰਬੰੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ | ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ |




