ਸੰਗਰੂਰ (ਪ੍ਰਵੀਨ ਸਿੰਘ)
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਹਜ਼ਾਰਾਂ ਮਜ਼ਦੂਰਾਂ ਦਾ ਕਾਫਲਾ ਬੁੱਧਵਾਰ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣ ਲਈ ਜਿਵੇਂ ਹੀ ਕੋਠੀ ਵੱਲ ਵਧਿਆ ਤਾਂ ਪੁਲਸ ਨੇ ਲਾਠੀਚਾਰਜ ਕਰ ਦਿੱਤਾ, ਜਿਸ ਵਿੱਚ ਕਾਫੀ ਮਰਦ-ਔਰਤਾਂ ਦੇ ਸੱਟਾਂ ਲੱਗੀਆਂ, ਕਈ ਮਜ਼ਦੂਰਾਂ ਦੀਆਂ ਦਸਤਾਰਾਂ ਵੀ ਉੱਤਰੀਆਂ | ਇਸ ਕਾਰਨ ਮਜ਼ਦੂਰਾਂ ਦੇ ਮਨਾਂ ਵਿੱਚ ਹੋਰ ਵੀ ਗੁੱਸਾ ਵਧ ਗਿਆ | ਮਜ਼ਦੂਰਾਂ ਦੇ ਗੁੱਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਵਲੋਂ ਮਜ਼ਦੂਰ ਆਗੂਆਂ ਨਾਲ 21 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਦਾ ਪ੍ਰਸ਼ਾਸਨ ਰਾਹੀਂ ਸੱਦਾ ਪੱਤਰ ਇਕੱਠ ਵਿੱਚ ਆ ਕੇ ਦੇਣਾ ਪਿਆ ਤਾਂ ਜਾ ਕੇ ਘੇਰਾਓ ਖਤਮ ਕੀਤਾ ਗਿਆ |
ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਭਖਦੀਆਂ ਮੰਗਾਂ ਦੇ ਠੋਸ ਨਿਪਟਾਰੇ ਲਈ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣ ਲਈ ਇਸ ਐਕਸ਼ਨ ‘ਚ ਪੰਜਾਬ ਭਰ ਤੋਂ ਕਾਫਲਿਆਂ ਦੇ ਰੂਪ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮਰਦ-ਔਰਤਾਂ ਸ਼ਾਮਲ ਹੋਏ |
ਇਸ ਤੋਂ ਪਹਿਲਾਂ ਪਟਿਆਲਾ ਪੁਲ ਹੇਠਾਂ ਜੁੜੇ ਹਜ਼ਾਰਾਂ ਬੇਜ਼ਮੀਨੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਸਾਂਝੇ ਮੋਰਚੇ ਵਿੱਚ ਸ਼ਾਮਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਆਗੂ ਮੱਖਣ ਸਿੰਘ ਰਾਮਗੜ੍ਹ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਭੂਪ ਚੰਦ ਚੰਨੋ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਨੰਦਗੜ੍ਹ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਗੁਲਜ਼ਾਰ ਗੋਰੀਆ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਹੱਕ ਮੰਗਦੇ ਮਜ਼ਦੂਰਾਂ ਉੱਪਰ ਪੁਲਸ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਨੀਤੀਆਂ ਉੱਤੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਜਾਤ-ਪਾਤੀ ਵਿਤਕਰੇਬਾਜ਼ੀ ਕਾਰਨ ਹੀ ਮੰਨੀਆਂ ਮਜ਼ਦੂਰ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਭਖਦੀਆਂ ਮਜ਼ਦੂਰ ਮੰਗਾਂ ਨੂੰ ਹੱਲ ਕਰਨ ਲਈ ਤਿਆਰ ਨਹੀਂ |
ਇਸ ਮੌਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਕਸ਼ਮੀਰ ਸਿੰਘ ਘੁਗਸ਼ੋਰ, ਜੋਰਾ ਸਿੰਘ ਨਸਰਾਲੀ, ਕਿ੍ਸ਼ਨ ਚੌਹਾਨ, ਪਰਮਜੀਤ ਮੁਦਕੀ, ਬਿੱਕਰ ਸਿੰਘ ਹਥੋਆ, ਪ੍ਰਗਟ ਸਿੰਘ ਕਾਲਾਝਾੜ, ਮਿੱਠੂ ਸਿੰਘ ਕੁੱਦਾ, ਪਰਮਜੀਤ ਕੌਰ ਲੌਂਗੋਵਾਲ, ਦੇਵੀ ਕੁਮਾਰੀ, ਹਰਭਗਵਾਨ ਸਿੰਘ ਮੂਨਕ, ਧਰਮਵੀਰ ਹਰੀਗੜ੍ਹ, ਲਾਲ ਸਿੰਘ ਧਨੌਲਾ, ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਮੀਟਿੰਗ ‘ਚ ਮੰਨੀਆਂ ਮੰਗਾਂ ਉੱਪਰ ਜਾਤੀ ਵਿਤਕਰੇਬਾਜ਼ੀ ਕਾਰਨ ਕੋਈ ਅਮਲ ਨਾ ਕੀਤਾ ਗਿਆ, ਜਿਸ ਕਾਰਨ ਮਜ਼ਦੂਰ ਵਰਗ ‘ਚ ਆਪ ਸਰਕਾਰ ਅਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ 700 ਰੁਪਏ ਕੀਤੀ ਜਾਵੇ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦਿੱਤੀਆਂ ਜਾਣ ਤੇ ਨਜੂਲ ਜ਼ਮੀਨਾਂ ਦੇ ਮਾਲਕੀ ਹੱਕ ਦਲਿਤਾਂ ਨੂੰ ਦਿੱਤੇ ਜਾਣ, ਖੁਦਕੁਸੀ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕੀਤੇ ਜਾਣ, ਬੁਢਾਪਾ ਪੈਨਲ ਲਈ ਉਮਰ ਹੱਦ ਘਟਾਈ ਜਾਵੇ ਅਤੇ ਦਲਿਤਾਂ ‘ਤੇ ਜਬਰ ਬੰਦ ਕੀਤਾ ਜਾਵੇ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕੀਤੇ ਜਾਣ |
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਸੰਗਰੂਰ ‘ਚ ਮਜ਼ਦੂਰਾਂ ਦੇ ਸਾਂਝੇ ਮੋਰਚੇ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ | ਜਥੇਬੰਦੀ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੱਕ ਮੰਗਦੇ ਲੋਕਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥਕੰਡਿਆਂ ਰਾਹੀਂ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦਿਆਂ ਨਹੀਂ ਥੱਕਦੇ ਸਨ ਕਿ ਉਹਨਾ ਦੀ ਸਰਕਾਰ ‘ਚ ਕਿਸੇ ਨੂੰ ਧਰਨਾ-ਮੁਜ਼ਾਹਰਾ ਨਹੀਂ ਕਰਨਾ ਪਵੇਗਾ, ਪ੍ਰੰਤੂ ਹੁਣ ਕਿਸੇ ਵੀ ਸੰਘਰਸ਼ਸ਼ੀਲ ਜਥੇਬੰਦੀ ਦੀ ਮੰਗ ਸੁਣਨ ਤੋਂ ਭੱਜ ਰਹੇ ਹਨ | ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰਨ ਅਤੇ ਮੰਗਾਂ ਦੀ ਸਾਰ ਲੈਣ | ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਸੰਗਰੂਰ ਵਿਖੇ ਅਮਨਪੂਰਵਕ ਧਰਨਾ ਦੇ ਰਹੇ ਬੇਜ਼ਮੀਨੇ-ਸਾਧਨਹੀਣ ਦਲਿਤ ਮਜ਼ਦੂਰਾਂ, ਔਰਤਾਂ ‘ਤੇ ਕੀਤੇ ਗਏ ਵਹਿਸ਼ੀਆਨਾ ਪੁਲਸ ਜਬਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਦੋਵਾਂ ਆਗੂਆਂ ਨੇ ਕਿਹਾ ਕਿ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਤੈਅਸ਼ੁਦਾ ਮੀਟਿੰਗ ਤੋਂ ਭੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਵਾਅਦਾਖਿਲਾਫੀ ਲਈ ਸ਼ਰਮਿੰਦਾ ਹੋਣ ਜਾਂ ਗਲਤੀ ਸੁਧਾਰਨ ਦੀ ਬਜਾਏ ਜਬਰ-ਜ਼ੁਲਮ ਦਾ ਜੋ ਰਸਤਾ ਅਪਣਾਇਆ ਹੈ, ਉਸ ਦੀ ‘ਆਪ’ ਸਰਕਾਰ ਨੂੰ ਆਉਂਦੇ ਦਿਨਾਂ ਵਿੱਚ ਭਾਰੀ ਕੀਮਤ ਤਾਰਨੀ ਪਵੇਗੀ | ਇੱਕ ਵੱਖਰੇ ਬਿਆਨ ਰਾਹੀਂ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਵਿੱਤ ਸਕੱਤਰ ਮਹੀਪਾਲ, ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਅਤੇ ਸੀਨੀਅਰ ਮੀਤ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਰਤੀ ਪਰਵਾਰਾਂ ‘ਤੇ ਢਾਹੇ ਗਏ ਹਕੂਮਤੀ ਜਬਰ ਤੇ ਪੁਲਸੀਆ ਕਹਿਰ ਦੀ ਡਟਵੀਂ ਨਿੰਦਾ ਕੀਤੀ ਹੈ |