ਭਾਰਤ ‘ਚ ਘੱਟ-ਗਿਣਤੀਆਂ ਤੇ ਧਾਰਮਿਕ ਸਥਾਨਾਂ ‘ਤੇ ਹਮਲੇ ਵਧ ਰਹੇ : ਅਮਰੀਕਾ

0
391

ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ‘ਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵਧ ਰਹੇ ਹਨ | ਉਨ੍ਹਾ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ | ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਚੀਨ ਸਮੇਤ ਹੋਰ ਏਸ਼ੀਆਈ ਦੇਸ਼ਾਂ ‘ਚ ਵੀ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ |
ਬਲਿੰਕਨ ਨੇ ਸਾਲਾਨਾ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਰਿਪੋਰਟ ਜਾਰੀ ਕਰਨ ਦੌਰਾਨ ਪੱਤਰਕਾਰਾਂ ਨੂੰ ਕਿਹਾ-ਅਮਰੀਕਾ ਦੁਨੀਆ ਭਰ ਵਿਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖੇਗਾ | ਅਸੀਂ ਅਜਿਹਾ ਕਰਨ ਲਈ ਹੋਰਨਾਂ ਸਰਕਾਰਾਂ, ਬਹੁ-ਪੱਖੀ ਸੰਸਥਾਵਾਂ ਅਤੇ ਨਾਗਰਿਕਾਂ ਨਾਲ ਕੰਮ ਕਰਨਾ ਜਾਰੀ ਰੱਖਾਂਗੇ | ਸਾਡਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਲੋਕਾਂ ਨੂੰ ਅਧਿਆਤਮਿਕ ਪਰੰਪਰਾ ਦੀ ਪਾਲਣਾ ਕਰਨ ਦੀ ਆਜ਼ਾਦੀ ਹੋਵੇ, ਜੋ ਉਨ੍ਹਾਂ ਲਈ ਮਹੱਤਵਪੂਰਨ ਹੈ | ਇਸ ਦੇ ਨਾਲ ਹੀ ਬਲਿੰਕਨ ਨੇ ਕਿਹਾ ਕਿ ਇਹ ਰਿਪੋਰਟ ਦੱਸਦੀ ਹੈ ਕਿ ਦੁਨੀਆ-ਭਰ ਵਿਚ ਧਾਰਮਿਕ ਆਜ਼ਾਦੀ ਅਤੇ ਘੱਟਗਿਣਤੀਆਂ ਦੇ ਅਧਿਕਾਰ ਕਿਸ ਤਰ੍ਹਾਂ ਖਤਰੇ ‘ਚ ਹਨ | ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ, ਮਿਸਾਲ ਵਜੋਂ ਭਾਰਤ, ਜੋ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਜਿੱਥੇ ਕਈ ਧਰਮਾਂ ਦੇ ਲੋਕ ਰਹਿੰਦੇ ਹਨ, ਉਥੇ ਲੋਕਾਂ ਅਤੇ ਧਾਰਮਿਕ ਸਥਾਨਾਂ ‘ਤੇ ਹਮਲੇ ਵਧ ਰਹੇ ਹਨ |

LEAVE A REPLY

Please enter your comment!
Please enter your name here