ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਵਸੂਲੀ ਜਾਂਦੀ 20 ਡਾਲਰ ਫੀਸ ਖਤਮ ਕੀਤੀ ਜਾਵੇ : ਚੱਢਾ

0
246

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਅਹਿਮ ਮੁੱਦਾ ਉਠਾਇਆ | ਰਾਘਵ ਚੱਢਾ ਨੇ ਕਿਹਾ ਕਿ ਜਦੋਂ ਕੁਝ ਸਾਲ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲਿ੍ਹਆ ਗਿਆ ਸੀ ਤਾਂ ਸਿੱਖ ਸੰਗਤਾਂ ਸਮੇਤ ਸਾਰੇ ਦੇਸ਼ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸੀ |
ਚੱਢਾ ਨੇ ਕਿਹਾ ਕਿ ਹਰ ਕੋਈ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦਾ ਹੈ, ਪਰ ਸ਼ਰਧਾਲੂਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪਹਿਲੀ ਸਮੱਸਿਆ ਪਾਸਪੋਰਟ ਦੀ ਹੈ | ਤੁਹਾਡੇ ਕੋਲ ਪਾਸਪੋਰਟ ਹੋਣਾ ਚਾਹੀਦਾ ਹੈ | ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਨਹੀਂ ਜਾ ਸਕਦੇ | ਭਾਰਤ ਸਰਕਾਰ ਨੂੰ ਇਹ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ |
ਦੂਸਰੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ ਉੱਥੇ ਜਾਣ ਲਈ 20 ਡਾਲਰ ਯਾਨੀ ਲੱਗਭੱਗ 1600 ਰੁਪਏ ਦੀ ਫੀਸ ਅਦਾ ਕਰਨੀ ਪੈਂਦੀ ਹੈ | ਜੇਕਰ ਪਰਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਲ ਦੇ 8 ਹਜ਼ਾਰ ਰੁਪਏ ਖਰਚ ਕਰਨੇ ਪੈਣਗੇ | ਇਸ ਫੀਸ ਵਸੂਲੀ ਨੂੰ ਬੰਦ ਕੀਤਾ ਜਾਵੇ ਤਾਂ ਜੋ ਸੰਗਤਾਂ ਆਰਾਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣ | ਤੀਜੀ ਸਮੱਸਿਆ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਨਾਲ ਸੰਬੰਧਤ ਹੈ, ਜੋ ਕਿ ਇਸ ਵੇਲੇ ਕਾਫੀ ਗੁੰਝਲਦਾਰ ਹੈ | ਇਸ ਨੂੰ ਸਰਲ ਬਣਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦਾ ਸਮਾਂ ਬਰਬਾਦ ਨਾ ਹੋਵੇ | ਚੱਢਾ ਨੇ ਕਿਹਾ ਕਿ ਇਕ ਵਾਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ ਤਾਂ ਸੰਗਤਾਂ ਨੂੰ ਗੁਰੂ ਦੇ ਦਰਸ਼ਨ ਲਈ ਜਾਣ ਦੀ ਆਸਾਨੀ ਹੋ ਜਾਵੇਗੀ | ਇਤਿਹਾਸ ਦੇ ਲਿਹਾਜ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਹੁਤ ਮਹੱਤਵਪੂਰਨ ਹੈ | ਇਹ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਤੀਰਥ ਸਥਾਨ ਹੈ | ਇਹ ਮੰਨਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ 22 ਸਤੰਬਰ 1539 ਨੂੰ ਇਸ ਸਥਾਨ ‘ਤੇ ਆਪਣਾ ਸਰੀਰ ਛੱਡਿਆ ਸੀ | ਉਨ੍ਹਾਂ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਉਸ ਪਵਿੱਤਰ ਧਰਤੀ ‘ਤੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਵੰਡ ਤੋਂ ਬਾਅਦ ਇਹ ਗੁਰਦੁਆਰਾ ਪਾਕਿਸਤਾਨ ਦੇ ਹਿੱਸੇ ਵਿੱਚ ਚਲਾ ਗਿਆ, ਪਰ ਇਹ ਅੱਜ ਵੀ ਦੋਵਾਂ ਦੇਸ਼ਾਂ ਲਈ ਆਸਥਾ ਦੇ ਸਭ ਤੋਂ ਵੱਡੇ ਕੇਂਦਰਾਂ ਵਿੱਚੋਂ ਇੱਕ ਹੈ |

LEAVE A REPLY

Please enter your comment!
Please enter your name here