ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ‘ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ | ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ |
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ‘ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ‘ਤੇ ਰੋਕ ਲਗਾਈ ਹੈ | ਉਨ੍ਹਾ ਕਿਹਾ ਕਿ ਇਸ ਸੰਜੀਦਾ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਪਾਸ ਸਮੇਂ-ਸਮੇਂ ਵੱਖ-ਵੱਖ ਧਾਰਮਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਸੰਬੰਧਤ ਫਿਲਮਾਂ ‘ਤੇ ਪਾਬੰਦੀ ਰਹੇਗੀ |




