9.8 C
Jalandhar
Sunday, December 22, 2024
spot_img

ਮਾਨ ਵੱਲੋਂ ਨੌਜਵਾਨਾਂ ‘ਚ ਸਵੈ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ‘ਤੇ ਜ਼ੋਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ‘ਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਕ-ਆਰਥਕ ਤਰੱਕੀ ‘ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ |
ਬੁੱਧਵਾਰ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਇਸ ਸ਼ਕਤੀ ਨੂੰ ਸਹੀ ਤਰੀਕੇ ਨਾਲ ਸਿੱਖਿਅਤ ਕਰਨ ਦੀ ਲੋੜ ਹੈ | ਉਨ੍ਹਾ ਕਿਹਾ ਕਿ ਨੌਜਵਾਨਾਂ ਦੀ ਤਾਕਤ ਦੀ ਸੁਚੱਜੀ ਵਰਤੋਂ ਲਈ ਉਨ੍ਹਾਂ ਦੀ ਸਮਰੱਥਾ ਵਧਾਉਣਾ ਸਮੇਂ ਦੀ ਲੋੜ ਹੈ, ਤਾਂ ਜੋ ਸੂਬੇ ਦੇ ਵਿਕਾਸ ਲਈ ਉਹ ਆਪਣੀਆਂ ਸੇਵਾਵਾਂ ਦੀ ਬਿਹਤਰੀਨ ਤਰੀਕੇ ਨਾਲ ਵਰਤੋਂ ਕਰ ਸਕਣ | ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਸਿੱਖਿਆ ਦੇ ਮੰਦਰ ਹਨ ਅਤੇ ਨੌਜਵਾਨਾਂ ਨੂੰ ਭਵਿੱਖ ਦੇ ਲੀਡਰ ਬਣਨ ਲਈ ਉਤਸ਼ਾਹਤ ਕਰਨ ਵਾਸਤੇ ਇਨ੍ਹਾਂ ਮੰਦਰਾਂ ਦੀ ਸਹੀ ਵਰਤੋਂ ਜ਼ਰੂਰੀ ਹੈ |
ਵਿਦਿਆਰਥੀਆਂ ਨੂੰ ਹੁਨਰਮੰਦ ਕਰਨ ਲਈ ਮਿਆਰੀ ਸਿੱਖਿਆ ਦੇਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਲਈ ਆ ਰਹੇ ਸਨਅਤਕਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਦੀ ਬੇਹੱਦ ਜ਼ਿਆਦਾ ਜ਼ਰੂਰਤ ਹੈ | ਮਾਨ ਨੇ ਕਿਹਾ ਕਿ ਹੁਨਰ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਅਜਿਹਾ ਭੰਡਾਰ ਹੋਵੇਗਾ, ਜਿਸ ਤੋਂ ਸਨਅਤਕਾਰਾਂ ਨੂੰ ਫਾਇਦਾ ਮਿਲੇਗਾ | ਉਨ੍ਹਾ ਕਿਹਾ ਕਿ ਹੁਨਰ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ, ਜਿਸ ਨਾਲ ਉਹ ਆਪਣਾ ਜੀਵਨ ਮਾਣ ਤੇ ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੋਹਾਲੀ ‘ਚ ਇਨੋਵੇਸ਼ਨ ਸੈਂਟਰ ਸਥਾਪਤ ਕੀਤਾ ਹੈ, ਜੋ ਸੂਬੇ ਦੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਸਹਾਈ ਸਾਬਤ ਹੋ ਰਿਹਾ ਹੈ | ਇਹ ਕੇਂਦਰ ਨੌਜਵਾਨਾਂ ਨੂੰ ਭਵਿੱਖੀ ਚੁਣੌਤੀਆਂ ਤੇ ਜੀਵਨ ‘ਚ ਸਫ਼ਲਤਾ ਦੇ ਯੋਗ ਬਣਾ ਰਿਹਾ ਹੈ | ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਨੌਜਵਾਨਾਂ ਦੀ ਅਥਾਹ ਸ਼ਕਤੀ ਦੀ ਸਹੀ ਦਿਸ਼ਾ ‘ਚ ਵਰਤੋਂ ਯਕੀਨੀ ਬਣਾਏਗਾ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਕ ਤਰੱਕੀ ‘ਚ ਸਰਗਰਮ ਭਾਈਵਾਲ ਬਣਨਗੇ |

Related Articles

LEAVE A REPLY

Please enter your comment!
Please enter your name here

Latest Articles