ਅੰਮਿ੍ਤਸਰ (ਜਸਬੀਰ ਸਿੰਘ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ‘ਤੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ | ਬੁੱਧਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ |
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓ ਐੱਸ ਡੀ ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਇਕੱਤਰਤਾ ਗੁਰਦੁਆਰਾ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ | ਉਨ੍ਹਾ ਦੱਸਿਆ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ਵਿਚ ਇਸ ਇਕੱਤਰਤਾ ਦੌਰਾਨ ਵਿਚਾਰ-ਵਟਾਂਦਰਾ ਕਰਕੇ ਨਿਰਣਾ ਲਿਆ ਜਾਵੇਗਾ, ਤਾਂ ਜੋ ਭਵਿੱਖ ਵਿਚ ਕੌਮ ਅੰਦਰ ਅਜਿਹੀ ਆਪਸੀ ਵਾਦ-ਵਿਵਾਦ ਵਾਲੀ ਸਥਿਤੀ ਨਾ ਬਣੇ |