ਸਕੂਲਾਂ ਦੀ ਘੱਟ ਤੇ ਫਰਜ਼ੀ ਹਾਜ਼ਰੀ ਦਾ ਲਿਆ ਸਖਤ ਨੋਟਿਸ  

0
259

ਤਰਨ ਤਾਰਨ (ਪਿ੍ਤਪਾਲ ਸਿੰਘ)-ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਕੀਤਾ |
ਜ਼ਿਕਰਯੋਗ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਵੀਰਵਾਰ ਤੋਂ ਸਿਸੋਦੀਆ ਅਤੇ ਬੈਂਸ ਸਮੇਤ ਉੱਚ ਸਿੱਖਿਆ ਅਧਿਕਾਰੀਆਂ ਦੀ ਟੀਮ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰ ਰਹੀ ਹੈ |
ਸ਼ੁੱਕਰਵਾਰ ਮਨੀਸ਼ ਸਿਸੋਦੀਆ ਅਤੇ ਬੈਂਸ ਨੇ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਮਿਡਲ ਸਕੂਲ ਉਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਵਿੱਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਸੁਧਾਰਾਂ ਸੰਬੰਧੀ ਸੁਝਾਅ ਲਏ | ਇਸ ਦੌਰਾਨ ਸਿਸੋਦੀਆ ਤੇ ਬੈਂਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਦੀ ਇਮਾਰਤ ਤੇ ਵਿੱਦਿਅਕ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਦੀ ਘੱਟ ਅਤੇ ਫਰਜ਼ੀ ਹਾਜ਼ਰੀ ਦਾ ਸਖਤ ਨੋਟਿਸ ਲੈਂਦਿਆਂ ਬੈਂਸ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੇ ਡਾਇਰੈਕਟਰ ਸੈਕੰਡਰੀ ਸਿੱਖਿਆ ਨੰੁ ਆਦੇਸ਼ ਦਿੱਤੇ ਕਿ ਤੁਰੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |
ਸਿੱਖਿਆ ਮੰਤਰੀ ਨੇ ਇਹ ਵੀ ਨੋਟਿਸ ਲਿਆ ਕਿ ਸਕੂਲ ਵਿਖੇ ਦੋ ਕੰਪਿਊਟਰ ਲੈਬਾਂ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਿਰਫ਼ ਕੰਪਿਊਟਰ ਵਿਸ਼ੇ ਦੀਆਂ ਕਿਤਾਬਾਂ ਪੜ੍ਹਾ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ | ਉਹਨਾਂ ਇਹ ਵੀ ਦੱਸਿਆ ਕਿ ਇਲੈਕਟ੍ਰੀਕਲ ਤੇ ਵੋਕੇਸ਼ਨਲ ਵਿਸ਼ੇ ਦੀ ਵੀ ਸਿਰਫ਼ ਕਿਤਾਬੀ ਪੜ੍ਹਾਈ ਕਰਵਾਈ ਜਾ ਰਹੀ ਹੈ, ਜਦੋਂਕਿ ਪਿਛਲੇ ਕਈ ਸਾਲਾਂ ਤੋਂ ਕਿਸੇ ਸਰਕਾਰ ਜਾਂ ਪ੍ਰਸ਼ਾਸਨ ਨੇ ਇਹਨਾਂ ਦੀਆਂ ਵਰਕਸ਼ਾਪਾਂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ | ਬੈਂਸ ਨੇ ਦੱਸਿਆ ਕਿ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਦੀਆਂ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਕੋਲ ਬੈਠਣ ਲਈ ਡੈਸਕ ਵੀ ਨਹੀਂ ਸਨ ਅਤੇ ਨਾ ਹੀ ਸਕੂਲ ਵਿਖੇ ਚੱਲ ਰਹੇ ਸਪੋਰਟਸ ਵਿੰਗ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਹਨ | ਇਸ ਸੰਬੰਧ ਵਿੱਚ ਸਿੱਖਿਆ ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਵਿਦਿਆਰਥੀਆਂ ਨੂੰ ਬੈਠਣ ਲਈ ਡੈਸਕ ਉਪਲੱਬਧ ਕਰਵਾਏ ਜਾਣ ਅਤੇ ਸਪੋਰਟਸ ਵਿੰਗ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ | ਸਿਸੋਦੀਆ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ | ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ, ਡਾ. ਕਸ਼ਮੀਰ ਸਿੰਘ ਸੋਹਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ, ਡੀ.ਪੀ.ਆਈ. ਤੇਜਦੀਪ ਸਿੰਘ ਸੈਣੀ, ਦਿੱਲੀ ਤੋਂ ਵਿਧਾਇਕ ਆਤਿਸ਼ੀ ਅਤੇ ਸਟੇਟ ਮੀਡੀਆ ਇੰਚਾਰਜ ਗੁਰਮੀਤ ਸਿੰਘ ਬਰਾੜ ਸਮੇਤ ਸੰਬੰਧਤ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ |

LEAVE A REPLY

Please enter your comment!
Please enter your name here